ਕਮੇਟੀ ਦਾ ਬਜਟ ਪਾਸ ਨਾ ਹੋਣਾ ਅਤੇ ਮੀਰੀ-ਪੀਰੀ ਮੈਡੀਕਲ ਕਾਲਜ ਦਾ ਪ੍ਰਬੰਧ ਨਾ ਸੰਭਾਲਣ ਕਰਕੇ ਸਿੱਖ ਸੰਗਤ ਵੱਲੋਂ ਕੀਤੇ ਜਾ ਰਹੇ ਸਵਾਲ-ਭਾਈ ਫੱਗੂ

ਕਾਲਿਆਂਵਾਲ਼ੀ,26 ਅਕਤੂਬਰ(ਮਹਾਂਵੀਰ ਕਾਲਿਆਂਵਾਲ਼ੀ)ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਕੁਲਦੀਪ ਸਿੰਘ ਫੱਗੂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਕਾਰਜਸ਼ੈਲੀ ’ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਹੋਂਦ ਵਿੱਚ ਆਈ ਨਵੀਂ ਕਮੇਟੀ ਤੋਂ ਸਿੱਖ ਸੰਗਤ ਨੂੰ ਬਹੁਤ ਉਮੀਦਾਂ ਸਨ, ਪਰ ਹੁਣ ਤੱਕ ਕਮੇਟੀ ਦੀ ਕਾਰਗੁਜ਼ਾਰੀ ਸੰਗਤ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ । ਕੁਲਦੀਪ ਸਿੰਘ ਫੱਗੂ ਨੇ ਕਿਹਾ ਕਿ ਮੀਰੀ-ਪੀਰੀ ਮੈਡੀਕਲ ਕਾਲਜ ਦੇ ਮਾਮਲੇ ਵਿੱਚ ਕੇਸ ਜਿੱਤਣ ਤੋਂ ਬਾਅਦ ਵੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਅਦਾਰੇ ਦਾ ਪ੍ਰਬੰਧ ਨਾ ਸੰਭਾਲੇ ਜਾਣ ਦੇ ਮੁੱਦੇ ਨੂੰ ਲੈ ਕੇ ਸਿੱਖ ਸੰਗਤ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਉਮੀਦ ਸੀ ਕਿ ਨਵੀਂ ਕਮੇਟੀ ਸਿੱਖ ਸੰਸਥਾਵਾਂ ਦੇ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਠੋਸ ਕਦਮ ਚੁੱਕੇਗੀ, ਪਰ ਮੌਜੂਦਾ ਹਾਲਾਤਾਂ ਨੇ ਸੰਗਤ ਦੀਆਂ ਉਮੀਦਾਂ ਨੂੰ ਠੇਸ ਪਹੁੰਚਾਈ ਹੈ।ਉਨ੍ਹਾਂ ਕਿਹਾ ਕਿ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਵਾਲੀ ਕਮੇਟੀ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਸਿੱਖ ਸੰਗਤ ਦਾ ਰੋਸ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਝੱਲਣਾ ਪੈ ਰਿਹਾ ਹੈ। ਉਨ੍ਹਾਂ ਅਨੁਸਾਰ, ਜਦੋਂ ਕਿਸੇ ਸੰਸਥਾ ਦੀ ਅਗਵਾਈ ਪ੍ਰਤੀ ਸੰਗਤ ਵਿੱਚ ਅਸੰਤੁਸ਼ਟੀ ਪੈਦਾ ਹੁੰਦੀ ਹੈ, ਤਾਂ ਇਸ ਦਾ ਪ੍ਰਭਾਵ ਪੂਰੀ ਸੰਸਥਾ ਦੇ ਅਕਸ ਅਤੇ ਭਰੋਸੇ ’ਤੇ ਪੈਂਦਾ ਹੈ। ਫੱਗੂ ਨੇ ਕਿਹਾ ਕਿ ਜਗਦੀਸ਼ ਸਿੰਘ ਝੀਂਡਾ ਕਮੇਟੀ ਦੇ ਮੈਂਬਰਾਂ ਦਾ ਵਿਸ਼ਵਾਸ ਗੁਆ ਚੁੱਕੇ ਹਨ ਅਤੇ ਬਹੁਮਤ ਸਾਬਤ ਕਰਨ ਵਿੱਚ ਅਸਫ਼ਲ ਰਹਿਣ ਕਾਰਨ ਕਮੇਟੀ ਦਾ ਬਜਟ ਪਾਸ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਬਜਟ ਪਾਸ ਨਾ ਹੋਣਾ ਕਮੇਟੀ ਦੇ ਪ੍ਰਬੰਧਕੀ ਕੰਮਕਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਝੀਂਡਾ ਸਿੱਖ ਸੰਗਤ ਨੂੰ ਗੁਮਰਾਹ ਕਰ ਰਹੇ ਹਨ ਅਤੇ ਉਨ੍ਹਾਂ ਦੀ ਕਾਰਜਸ਼ੈਲੀ ਹਰਿਆਣਾ ਦੀ ਇਸ ਸਿੱਖ ਸੰਸਥਾ ਨੂੰ ਨੁਕਸਾਨ ਪਹੁੰਚਾ ਰਹੀ ਹੈ। ਕੁਲਦੀਪ ਸਿੰਘ ਫੱਗੂ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਸੰਗਤ ਦੀ ਅਮਾਨਤ ਹੈ ਅਤੇ ਇਸ ਦੇ ਪ੍ਰਬੰਧ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੀ ਅਗਵਾਈ ਨੂੰ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸੰਸਥਾ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ, ਤਾਂ ਜੋ ਸਿੱਖ ਸੰਗਤ ਦਾ ਭਰੋਸਾ ਮੁੜ ਬਹਾਲ ਹੋ ਸਕੇ।









