
ਸੰਗਤ ਮੰਡੀ, 4 ਨਵੰਬਰ (ਅਮਨ ਸਰਦਾਰਗੜ੍ਹ)ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰਜਿਸਟਰਡ ਨੰਬਰ 26 ਦੀ ਇੱਕ ਅਹਿਮ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਲਿਆਣ, ਜਨਰਲ ਸਕੱਤਰ ਅੰਗਰੇਜ਼ ਸਿੰਘ ਅਤੇ ਪ੍ਰੈੱਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਐਲਾਨ ਕੀਤਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ 6 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਖੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਵਿਸ਼ਾਲ ਰੋਸ ਮੁਜ਼ਾਹਰਾ ਕਰਨਗੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ 15 ਤੋਂ 20 ਸਾਲਾਂ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸੂਚੀਬੱਧ ਅਤੇ ਠੇਕੇ ਰਾਹੀਂ ਰੱਖੇ ਕੱਚੇ ਕਾਮੇ ਨਿਗੁਣੀਆਂ ਤਨਖ਼ਾਹਾਂ ‘ਤੇ ਪੱਕੇ ਮੁਲਾਜ਼ਮਾਂ ਦੇ ਬਰਾਬਰ ਕੰਮ ਕਰ ਰਹੇ ਹਨ। ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲਗਾਤਾਰ ਟਾਲਿਆ ਜਾਂਦਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਅਣਦੇਖੀ ਵਾਲੀਆਂ ਨੀਤੀਆਂ ਕਾਰਨ ਕੱਚੇ ਕਾਮਿਆਂ ਦਾ ਲਗਾਤਾਰ ਸੋਸ਼ਣ ਹੋ ਰਿਹਾ ਹੈ।ਆਗੂਆਂ ਨੇ ਦੱਸਿਆ ਕਿ ਜਲ-ਸਪਲਾਈ ਵਿਭਾਗ ਦੇ ਠੇਕੇ ਰਾਹੀਂ ਰੱਖੇ ਅਤੇ ਸੂਚੀਬੱਧ ਖੇਤਰੀ ਤੇ ਦਫ਼ਤਰੀ ਕਾਮਿਆਂ ਦੀਆਂ ਤਨਖ਼ਾਹਾਂ ਤਿੰਨ-ਤਿੰਨ ਮਹੀਨੇ ਤੱਕ ਲਮਕਾ ਦਿੱਤੀਆਂ ਜਾਂਦੀਆਂ ਹਨ। ਇਸ ਕਾਰਨ ਕਾਮਿਆਂ ਨੂੰ ਆਪਣੇ ਪਰਿਵਾਰਾਂ ਅਤੇ ਬੱਚਿਆਂ ਦਾ ਪਾਲਣ-ਪੋਸ਼ਣ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪੰਜਾਬ ਦੀਆਂ ਸਾਰੀਆਂ ਡਿਵੀਜ਼ਨਾਂ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਪੱਤਰ ਨੰਬਰ 3412-15, ਮਿਤੀ 12 ਸਤੰਬਰ 2024 ਰਾਹੀਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਕੱਚੇ ਕਾਮਿਆਂ ਦੀਆਂ ਤਨਖ਼ਾਹਾਂ ਹਰ ਮਹੀਨੇ ਦੀ 7 ਤਰੀਕ ਤੋਂ ਪਹਿਲਾਂ ਅਦਾ ਕਰਨੀਆਂ ਯਕੀਨੀ ਬਣਾਈਆਂ ਜਾਣ। ਇਸ ਦੇ ਬਾਵਜੂਦ ਸਬੰਧਤ ਅਧਿਕਾਰੀਆਂ ਵੱਲੋਂ ਇਨ੍ਹਾਂ ਹਦਾਇਤਾਂ ਨੂੰ ਅਮਲ ਵਿੱਚ ਨਹੀਂ ਲਿਆਂਦਾ ਜਾ ਰਿਹਾ।ਉਨ੍ਹਾਂ ਅੱਗੇ ਕਿਹਾ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੱਚੇ ਕਾਮਿਆਂ ਨੂੰ ਠੇਕੇਦਾਰੀ ਪ੍ਰਬੰਧ ਵਿੱਚੋਂ ਕੱਢ ਕੇ ਵਿਭਾਗ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਕਰਨ ਲਈ ਸੰਘਰਸ਼ ਕਰਦੀ ਆ ਰਹੀ ਹੈ। ਮੌਜੂਦਾ ਭਗਵੰਤ ਮਾਨ ਸਰਕਾਰ ਵੱਲੋਂ ਭਾਵੇਂ ‘ਪੰਜਾਬ ਰਾਜ ਠੇਕੇ ਰਾਹੀਂ ਰੱਖੇ ਮੁਲਾਜ਼ਮਾਂ ਨੂੰ ਠੇਕਾ ਆਧਾਰਿਤ ਨਿਯੁਕਤੀ ਵਿੱਚ ਤਬਦੀਲ ਕਰਨ ਸਬੰਧੀ ਕਾਨੂੰਨ, 2026’ (ਐਕਟ ਨੰਬਰ 10 ਆਫ਼ 2026) ਬਣਾਇਆ ਗਿਆ ਹੈ, ਪਰ ਇਸ ਦੇ ਬਾਵਜੂਦ ਠੇਕੇ ਰਾਹੀਂ ਰੱਖੇ ਅਤੇ ਸੂਚੀਬੱਧ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਦੇ ਮਾਮਲੇ ਵਿੱਚ ਟਾਲ-ਮਟੋਲ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਦੇ ਨੇੜੇ ਹੋਣ ਦੇ ਬਾਵਜੂਦ ਕਾਮਿਆਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ।ਇਸੇ ਰੋਸ ਵਜੋਂ 6 ਨਵੰਬਰ ਨੂੰ ਸੂਬੇ ਭਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੱਚੇ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਜਥੇਬੰਦੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਹਲਕਿਆਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਇਸ ਮੌਕੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਖ਼ਜ਼ਾਨਚੀ ਸੰਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ, ਪ੍ਰਚਾਰ ਸਕੱਤਰ ਸੁਖਵਿੰਦਰ ਸਿੰਘ, ਸਲਾਹਕਾਰ ਦਵਿੰਦਰ ਸਿੰਘ, ਸਾਂਝੇ ਪ੍ਰਚਾਰ ਸਕੱਤਰ ਕੇਵਲ ਸਿੰਘ ਅਤੇ ਸਰਗਰਮ ਮੈਂਬਰ ਅਵਤਾਰ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।









