
ਤਲਵੰਡੀ ਸਾਬੋ,27 ਅਕਤੂਬਰ(ਅੰਮ੍ਰਿਤ ਮਲਕਾਣਾ)ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਅਤੇ ਮਾਤਾ ਸੁੰਦਰ ਕੌਰ ਜੀ ਦੇ ਪਾਵਨ ਅਸਥਾਨਾਂ ’ਤੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਪਵਿੱਤਰ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਦੇ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਜੀ ਧਨੌਲਾ ਨੇ ਸੰਗਤਾਂ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਗੁਰਮਤਿ ਵਿਚਾਰਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।ਸਮੁੱਚਾ ਸਮਾਗਮ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦੇ ਮਾਹੌਲ ਵਿੱਚ ਸੰਪੰਨ ਹੋਇਆ।









