ਗੱਡੀਆਂ ਦੇ ਕਾਫ਼ਲੇ ਨਾਲ ਪੁੱਜੇ ਭਾਜਪਾ ਆਗੂ ਤੇ ਵਰਕਰ

ਸੰਗਤ ਮੰਡੀ, 22 ਸਤੰਬਰ (ਅਮਨ ਸਰਦਾਰਗੜ੍ਹ )ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਘੁੱਦਾ ਵਿਖੇ ਪੁੱਜਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਯਾਤਰਾ ਹਲਕੇ ਦੇ ਪਿੰਡ ਬੱਲੂਆਣਾ ਤੋਂ ਵੱਖ-ਵੱਖ ਪਿੰਡਾਂ ਵਿੱਚੋਂ ਦੀ ਹੁੰਦੀ ਹੋਈ ਸ਼ਾਮ 4 ਵਜ਼ੇ ਪਿੰਡ ਘੁੱਦਾ ਵਿਖੇ ਪੁੱਜੀ ਜਿੱਥੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਦਿਆਲ ਸੋਢੀ, ਪਰਮਪਾਲ ਕੌਰ ਮਲੂਕਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਬਠਿੰਡਾ ਦੀ ਸਮੂੱਚੀ ਲੀਡਰਸ਼ਿਪ ਵੱਲੋਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਪਿੰਡ ਘੁੱਦਾ ਦੀ ਸੱਥ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਵੀ ਕੀਤਾ ਗਿਆ, ਜਿਸ ਨੂੰ ਪੰਜਾਬ ਭਾਜਪਾ ਦੇ ਰਾਜ ਸਭਾ ਮੈਂਬਰ ਸੁਭਾਸ਼ ਬਰਵਾਲਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣਾ ਸਮੁੱਚੇ ਸਮਾਜ਼ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਸੂਬੇ ਭਰ ਵਿੱਚ ਮਿਲ ਰਿਹਾ ਭਰਭੂਰ ਹੁੰਗਾਰਾ ਇਸ ਗੱਲ ਦੀ ਗਵਾਈ ਭਰਦਾ ਹੈ ਕਿ ਨਸ਼ਿਆਂ ਦੀ ਸਮੱਸਿਆ ਤੋਂ ਪੰਜਾਬ ਦੀ ਜਨਤਾ ਕਿੰਨੀ ਦੁਖੀ ਹੋ ਚੁੱਕੀ ਹੈ। ਅੱਜ ਪੰਜਾਬ ਦੇ ਹਰ ਪਿੰਡ ਅੰਦਰ ਨਸ਼ੇ ਦਾ ਬੋਲਬਾਲਾ ਹੈ ਅਤੇ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧਸ ਗਈ ਹੈ। ਅੱਜ ਦਾ ਇਹ ਇਕੱਠ ਲੋਕਾਂ ਦੀ ਚਿੰਤਾ ਅਤੇ ਜਾਗਰੂਕਤਾ ਨੂੰ ਦਰਸਾਉਂਦਾ ਹੈ।ਬਰਵਾਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਿਆਸੀ ਮੁਹਿੰਮ ਵਜੋਂ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਵਜੋਂ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਦੀ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਅਤੇ ਇਸ ਨੂੰ ਲੋਕ ਲਹਿਰ ਦਾ ਰੂਪ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਮਿਲਕੇ ਸਾਂਝੇ ਯਤਨਾਂ ਨਾਲ ਹੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵੱਲ ਅੱਗੇ ਵਧਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਭਾਜਪਾ ਦੀ ਸਰਕਾਰ ਬਣਨ ਤੇ ਧਾਰਾ 370 ਨੂੰ ਖਤਮ ਕਰ ਦਿੱਤਾ ਜਾਵੇਗਾ। ਓਥੋਂ ਦੀ ਜਨਤਾ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ ਤੇ ਉਹ ਕਰਕੇ ਦਿਖਾਇਆ। ਹੁਣ ਉਨ੍ਹਾਂ ਪੰਜਾਬ ਅੰਦਰ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਖ਼ਤਮ ਕਰਨ ਦਾ ਜੋ ਵਾਅਦਾ ਕੀਤਾ ਹੈ ਉਹ ਵੀ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਉਣ ਤੇ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਝੂਠ ਬੋਲ ਕੇ ਸਤਾ ਹਾਸਲ ਕੀਤੀ ਗਈ ਸੀ ਜਿਸ ਦੀ ਮਿਸਾਲ ਹੈ ਕਿ ਇਨ੍ਹਾਂ ਦੀ ਸਰਕਾਰ ਅੰਦਰ ਨਸ਼ਾ ਕਈ ਗੁਣਾ ਜ਼ਿਆਦਾ ਹੋ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਤਾਂ ਕਿ ਗੁਆਂਢੀ ਸੂਬੇ ਹਰਿਆਣਾ ਦੀ ਤਰ੍ਹਾਂ ਪੰਜਾਬ ਵਿੱਚ ਕਿਸਾਨਾਂ ਨੂੰ ਫਸਲਾਂ ਤੇ ਐਮ.ਐਸ.ਪੀ ਦਿੱਤੀ ਜਾ ਸਕੇ ਤੇ ਉਹ ਆਪਣੀਆਂ ਫ਼ਸਲਾਂ ਸਰਕਾਰੀ ਭਾਅ ਤੇ ਵੇਚ ਸਕਣ।ਇਸ ਮੌਕੇ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਛਿੰਦੀ, ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਕੁਮਾਰ ਟਿੰਕੂ, ਸੀਨੀਅਰ ਆਗੂ ਪਿਰਤਪਾਲ ਕਾਕਾ, ਅਮਰਜੀਤ ਕੌਰ ਕੋਟਫੱਤਾ, ਮੰਡਲ ਪ੍ਰਧਾਨ ਅਮਰਨਾਥ ਘੁੱਦਾ, ਸੰਗਤ ਦੇ ਮੰਡਲ ਪ੍ਰਧਾਨ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣਾ, ਕਿਸਾਨ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੰਤ ਸਿੰਘ ਗਿੱਲ, ਜਸਵੀਰ ਸਿੰਘ ਮਹਿਰਾਜ,ਐਮ ਸੀ ਚਿਮਨ ਲਾਲ ਬਾਂਸਲ, ਸਾਬਕਾ ਸਰਪੰਚ ਜਸਵੀਰ ਸਿੰਘ ਜੈ ਸਿੰਘ ਵਾਲਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।








