
ਤਲਵੰਡੀ ਸਾਬੋ, 26 ਜੂਨ (ਅੰਮ੍ਰਿਤ ਮਲਕਾਣਾ )
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਚੱਲ ਰਹੀਆਂ ਅਕਾਲ ਅਕੈਡਮੀਆਂ ਵੱਲੋਂ ਅੱਜ 26 ਜੂਨ ਨੂੰ ਵਿਸ਼ਵ ਨਸ਼ਾ ਵਿਰੋਧੀ ਦਿਵਸ (International Day Against Drug Abuse and Illicit Trafficking) ਮੌਕੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸੇ ਤਹਿਤ ਅਕਾਲ ਅਕੈਡਮੀ ਜਗ੍ਹਾ ਰਾਮ ਤੀਰਥ (ਬਠਿੰਡਾ) ਵੱਲੋਂ ਵੀ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ।
ਇਸ ਮੌਕੇ ਪਿੰਡ ਦੀ ਸਰਪੰਚ ਸੁਰਜੀਤ ਕੌਰ ਅਤੇ ਡਿਸਪੈਂਸਰੀ ਹੈੱਡ ਗਗਨਦੀਪ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਨਸ਼ਾ-ਮੁਕਤ ਜੀਵਨ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ ਅਤੇ ਸਮਾਜ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।







