
ਮੌੜ ਮੰਡੀ 11 ਅਕਤੂਬਰ (ਹੁਸਨਪ੍ਰੀਤ) ਕੁਲ ਹਿੰਦ ਕਾਂਗਰਸ ਕਮੇਟੀ ਵੱਲੋਂ ਪਿਛਲੇ ਦਿਨਾਂ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਪਰਗਟ ਸਿੰਘ ਦੇ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਰੱਖੇ ਰਸਮੀ ਅਹੁਦਾ ਸੰਭਾਲ ਸਮਾਰੋਹ ‘ਚ ਹਲਕਾ ਮੌੜ ਤੋਂ ਕਾਂਗਰਸ ਦੀ ਅਗਵਾਈ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਵੀ ਸ਼ਮੂਲੀਅਤ ਕੀਤੀ ਅਤੇ ਉਨਾਂ ਦੇ ਸੱਦੇ ‘ਤੇ ਸਮੁੱਚੇ ਖਿੱਤੇ ‘ਚੋਂ ਵੀ ਵੱਡੀ ਗਿਣਤੀ ਕਾਂਗਰਸੀਆਂ ਦੇ ਸਮਾਰੋਹ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਟੀਮ ਸਿੱਧੂ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਿਕ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਮੌਕੇ ਰੱਖੇ ਪ੍ਰੋਗਰਾਮ ‘ਚ ਹਲਕਾ ਮੌੜ ਤੋਂ ਵੱਡੀ ਗਿਣਤੀ ਕਾਂਗਰਸੀਆਂ ਸਮੇਤ ਸ਼ਾਮਿਲ ਹੋਏ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਪ੍ਰਧਾਨ ਨੂੰ ਜਿੱਥੇ ਸ਼ੁਭਕਾਮਨਾਵਾਂ ਭਂੇਟ ਕੀਤੀਆਂ ਉੱਥੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਨਾਲ ਵੀ ਮੁਲਾਕਾਤ ਕੀਤੀ।ਸਮਾਗਮ ‘ਚ ਹਾਜ਼ਰੀ ਭਰਨ ਉਪਰੰਤ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਪਾਰਟੀ ਲੋਕ ਹਮਾਇਤ ਸਦਕਾ 2027 ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦੇ ਹੋਏ ਸਰਕਾਰ ਬਣਾਉਣ ‘ਚ ਸਫ਼ਲ ਹੋਵੇਗੀ।









