ਵਾਰਿਸ ਪੰਜਾਬ ਦੇ ਅਤੇ ਬੀਕੇਯੂ ਡਕੌਂਦਾ ਨੇ ਧਰਨੇ ਨੂੰ ਦਿੱਤਾ ਪੂਰਾ ਸਮਰਥਨ- ਮਾਮਲੇ ਦੀ ਨਿਰਪੱਖ ਜਾਂਚ ਦੀ ਚੁੱਕੀ ਮੰਗ

ਸੰਗਤ ਮੰਡੀ, 15 ਅਕਤੂਬਰ (ਅਮਨ ਸਰਦਾਰਗੜ੍ਹ)ਪਰਮਿੰਦਰ ਸਿੰਘ ਝੋਟਾ ਦੇ ਸਮਰਥਕਾਂ ਵੱਲੋਂ ਜੱਸੀ ਟੋਲ ਪਲਾਜ਼ਾ ’ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਨੂੰ ਵਾਰਿਸ ਪੰਜਾਬ ਦੇ ਅਤੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਡਕੌਂਦਾ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ। ਧਰਨੇ ਵਿੱਚ ਸ਼ਾਮਲ ਆਗੂਆਂ ਬਲਜੀਤ ਸਿੰਘ , ਇਕਬਾਲ ਸਿੰਘ ਮੱਲਵਾਲਾ , ਸਾਬਕਾ ਸਰਪੰਚ ਕਰਮਜੀਤ ਸਿੰਘ ਜੱਸੀ ਬਾਗਵਲੀ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਕੀਤੀ।ਧਰਨੇ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਅਤੇ ਇਸ ’ਤੇ ਕਾਬੂ ਪਾਉਣ ਲਈ ਸਬੰਧਤ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਸਬੰਧਤ ਮੈਡੀਕਲ ਸਟੋਰ ਦੀ ਡਰੱਗ ਇੰਸਪੈਕਟਰ ਵੱਲੋਂ ਸਮੇਂ ਸਿਰ ਜਾਂਚ ਕੀਤੀ ਜਾਂਦੀ ਅਤੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਤਾਂ ਸ਼ਾਇਦ ਪਰਮਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ਨੂੰ ਟਾਲਿਆ ਜਾ ਸਕਦਾ ਸੀ।ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸਰਕਾਰ ਅਤੇ ਸਬੰਧਤ ਵਿਭਾਗਾਂ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ। ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਨਾਲ ਜੁੜੇ ਸਾਰੇ ਤੱਥ ਲੋਕਾਂ ਸਾਹਮਣੇ ਲਿਆਂਦੇ ਜਾਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।ਇਸ ਮੌਕੇ ਬਲਜੀਤ ਸਿੰਘ ਗੁਰਥੜੀ, ਕੇਵਲ ਸਿੰਘ ਜੰਗੀਰਾਣਾ, ਇਕਬਾਲ ਸਿੰਘ ਮੱਲਵਾਲਾ, ਜਗਦੇਵ ਸਿੰਘ ਮਹਿਤਾ, ਨਿਰਮਲ ਸਿੰਘ ਮਹਿਤਾ, ਸੰਤੋਖ ਸਿੰਘ ਗੁਰਥੜੀ, ਬਾਬਾ ਸਿੰਘ ਗੁਰਥੜੀ, ਗੁਰਦੀਪ ਸਿੰਘ ਬਾਜਕ, ਬੱਬੂ ਚੱਕ, ਰਣਜੀਤ ਸਿੰਘ ਬੰਬੀਹਾ, ਜਗਜੀਤ ਸਿੰਘ ਖਾਲਸਾ, ਅਮਰਜੀਤ ਸਿੰਘ ਖਾਲਸਾ, ਜਸਵੰਤ ਸਿੰਘ ਖਾਲਸਾ, ਮਨਪ੍ਰੀਤ ਸਿੰਘ ਖਾਲਸਾ ਅਤੇ ਲਾਭ ਸਿੰਘ ਭੁੱਖਿਆਂ ਵਾਲੀ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।









