
ਰਾਮਾ ਮੰਡੀ 12, ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ) ਸ਼ਹਿਰ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਪਹਿਲੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਸੰਬੰਧ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ, ਜਨਰਲ ਸੈਕਟਰੀ ਅਮਰੀਕ ਸਿੰਘ ਘੁਲਿਆਣੀ, ਅਤੇ ਅਮਰਜੀਤ ਸਿੰਘ ਅਸੀਜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤੋਂ 13 ਨਵੰਬਰ ਦਿਨ ਸ਼ੁੱਕਰਵਾਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਸਾਢੇ 5 ਵਜੇ ਸ਼ੁਰੂ ਹੋਵੇਗੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪ੍ਰਭਾਤ ਫੇਰੀਆਂ ਵਿੱਚ ਵੱਧ ਤੋਂ ਵੱਧ ਸੰਗਤਾਂ ਪਹੁੰਚ ਕੇ ਆਪਣਾ ਜੀਵਨ ਸਫ਼ਲ ਬਣਾਉਣ।ਇਸ ਸਬੰਧੀ ਉਹਨਾਂ ਅੱਗੇ ਦੱਸਿਆ ਕਿ 22 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਦਾ ਪ੍ਰਕਾਸ਼ ਕੀਤਾ ਜਾਵੇਗਾ। ਅਤੇ 23 ਨਵੰਬਰ ਨੂੰ ਗੁਰਦੁਆਰਾ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਦੀ ਅਗਵਾਈ ਪੰਜ ਪਿਆਰੇ ਕਰਨਗੇ ਇਹ ਨਗਰ ਕੀਰਤਨ ਸ਼ਹਿਰ ਦੀ ਬਾਜ਼ਾਰਾਂ ਵਿੱਚ ਦੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚੇਗਾ। ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ 24 ਨਵੰਬਰ ਨੂੰ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਸ ਤੋਂ ਉਪਰੰਤ ਰਾਗੀ ਜੱਥਿਆਂ ਦੁਆਰਾ ਗੁਰਬਾਣੀ ਕੀਰਤਨ ਤੋਂ ਇਲਾਵਾ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।









