ਲਗਾਤਾਰ ਚੋਰੀਆਂ ਕਾਰਨ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

ਸੰਗਤ ਮੰਡੀ, 12 ਅਕਤੂਬਰ (ਅਮਨ ਸਰਦਾਰਗੜ੍ਹ )ਪਿੰਡ ਗੁਰਥੜੀ ਵਿਖੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ ਇੱਕ ਮਹੀਨੇ ਦੌਰਾਨ ਪਿੰਡ ਵਿੱਚ ਚੋਰੀ ਦੀ ਇਹ ਤੀਜੀ ਵਾਰਦਾਤ ਸਾਹਮਣੇ ਆਉਣ ਨਾਲ ਪਿੰਡ ਵਾਸੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਚੋਰਾਂ ਨੇ ਗੁਰਪ੍ਰੀਤ ਸਿੰਘ ਪੁੱਤਰ ਗੁਰਨੇਕ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਡੇਢ ਤੋਲਾ ਸੋਨਾ, ਚਾਰ ਤੋਲੇ ਚਾਂਦੀ ਅਤੇ ਇੱਕ ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਘਟਨਾ ਦਾ ਪਤਾ ਲੱਗਣ ’ਤੇ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰ ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਘਰ ਵਿੱਚੋਂ ਸੋਨੇ ਅਤੇ ਚਾਂਦੀ ਦੇ ਗਹਿਿਣਆਂ ਸਮੇਤ ਇੱਕ ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਅਨੁਸਾਰ ਜਦੋਂ ਉਹ ਸਵੇਰੇ ਉੱਠੇ ਤਾਂ ਘਰ ਦਾ ਸਾਮਾਨ ਖਿਲਰਿਆ ਹੋਇਆ ਸੀ। ਘਰ ਵਿੱਚ ਪਈਆਂ ਪੇਟੀਆਂ ਅਤੇ ਅਲਮਾਰੀਆਂ ਦੀ ਫਰੋਲਾ-ਫਰਾਲੀ ਕੀਤੀ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੋਰੀ ਹੋਣ ਬਾਰੇ ਪਤਾ ਲੱਗਿਆ।ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਦਿਆਂ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।









