
ਸੰਗਤ ਮੰਡੀ, 6 ਨਵੰਬਰ (ਅਮਨ ਸਰਦਾਰਗੜ੍ਹ)ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਪਥਰਾਲਾ ਦੇ ਖੇਤਾਂ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਖੇਤਾਂ ਵਿੱਚ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈਆਂ।ਘਟਨਾ ਸਥਾਨ ‘ਤੇ ਪੁੱਜੇ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ, ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਅਤੇ ਡੀਅੱੈਸਪੀ ਪਰਮਿੰਦਰ ਸਿੰਘ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਵੱਲੋਂ ਘਟਨਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਅੱੈਸਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ ਜੋ ਹਰਿਆਣਾ ਦੇ ਪਿੰਡ ਮਸੀਤਾਂ ਦਾ ਰਹਿਣ ਵਾਲਾ ਸੀ। ਉਸ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ।ਡੀਅੱੈਸਪੀ ਨੇ ਦੱਸਿਆ ਕਿ ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਪੁਰਾਣੀ ਰੰਜਿਸ਼ ਦਾ ਪਹਿਲੂ ਸਾਹਮਣੇ ਆ ਰਿਹਾ ਹੈ ਪਰ ਕਤਲ ਦੇ ਅਸਲ ਕਾਰਨਾਂ ਅਤੇ ਇਸ ਪਿੱਛੇ ਸ਼ਾਮਲ ਵਿਅਕਤੀਆਂ ਬਾਰੇ ਹਾਲੇ ਸਪੱਸ਼ਟ ਤੌਰ ‘ਤੇ ਕੁਝ ਨਹੀਂ ਕਿਹਾ ਜਾ ਸਕਦਾ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਪੂਰੀ ਤਵੱਜੋ ਨਾਲ ਲਿਆ ਜਾ ਰਿਹਾ ਹੈ ਅਤੇ ਜਾਂਚ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਪਿੰਡ ਪਥਰਾਲਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।









