
ਸ੍ਰੀ ਮੁਕਤਸਰ ਸਾਹਿਬ,12ਜੁਲਾਈ (ਯ ਪ )
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਲੀਡਰਸ਼ਿਪ ਨੇ ਆਪਣੀ ਸ੍ਰੀ ਮੁਕਤਸਰ ਸਾਹਿਬ ਫੇਰੀ ਦੌਰਾਨ ਇੱਥੋਂ ਦੇ ਇਤਿਹਾਸਕ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜੈ ਸਿੰਘ ਛਿੱਬਰ, ਸੂਬਾ ਜਨਰਲ ਸਕੱਤਰ ਸੰਤੋਖ ਸਿੰਘ ਗਿੱਲ, ਸਕੱਤਰ ਵੀਰਪਾਲ ਭਗਤਾ ਭਾਈ, ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ਇੰਚਾਰਜ ਗੁਰਤੇਜ ਸਿੰਘ ਸਿੱਧੂ ਅਤੇ ਜਥੇਬੰਦੀ ਦੇ ਨਵ ਨਿਯੁਕਤ ਜ਼ਿਲਾ ਪਵਨ ਤਨੇਜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪੱਤਰਕਾਰ ਭਾਈਚਾਰੇ ਦੇ ਇਹਨਾਂ ਆਗੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ
ਪੱਤਰਕਾਰ ਆਗੂਆਂ ਦੀ ਇਸ ਫੇਰੀ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸੂਬਾ ਲੀਡਰਸ਼ਿਪ ਨੂੰ ਗੁਰੂ ਘਰ ਦੀ ਬਖਸ਼ਿਸ਼ ‘ਸਿਰਪਾਓ’ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਮਹਾਨ ਸਿੱਖ ਇਤਿਹਾਸ ਤੇ 40 ਮੁਕਤਿਆਂ ਦੀ ਲਾਸਾਨੀ ਕੁਰਬਾਨੀ ਨਾਲ ਸਬੰਧਤ ਧਾਰਮਿਕ ਲਿਟਰੇਚਰ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆ ਕੇ ਉਹਨਾਂ ਨੂੰ ਬੇਹੱਦ ਆਤਮਿਕ ਸਕੂਨ ਮਿਲਿਆ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਬਖਸ਼ਿਆ ਇਤਿਹਾਸ ਹਮੇਸ਼ਾ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੰਦਾ ਹੈ।







