
ਤਲਵੰਡੀ ਸਾਬੋ, 15 ਅਪ੍ਰੈਲ (ਅੰਮ੍ਰਿਤ ਮਲਕਾਣਾ )
ਸੰਗਠਨ ਸਿਰਜਣ ਅਭਿਆਨ ਦੇ ਤਹਿਤ ਪੰਜਾਬ ਕਾਂਗਰਸ ਪਾਰਟੀ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਜ਼ਮੀਨੀ ਪੱਧਰ ‘ਤੇ ਕੀਤੇ ਗਏ ਸਰਗਰਮ ਕੰਮਾਂ ਨੂੰ ਦੇਖਦੇ ਹੋਏ ਮਿਹਨਤੀ ਅਤੇ ਲੋਕਪ੍ਰਿਯ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੂੰ ਤੀਜੀ ਵਾਰ ਬਲਾਕ ਤਲਵੰਡੀ ਸਾਬੋ ਤੋਂ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਵਧਾਈਆਂ ਦਾ ਤਾਣਾ-ਬਾਣਾ ਲੱਗ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਉਹਨਾਂ ਦਾ ਨਹੀਂ ਸਗੋਂ ਪੂਰੇ ਬਲਾਕ ਦੇ ਮਿਹਨਤੀ ਵਰਕਰਾਂ ਦੀ ਲਗਾਤਾਰ ਮਿਹਨਤ ਅਤੇ ਵਿਸ਼ਵਾਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜੋ ਭਰੋਸਾ ਉਨ੍ਹਾਂ ‘ਤੇ ਜਤਾਇਆ ਗਿਆ ਹੈ, ਉਹ ਉਸ ‘ਤੇ ਖਰਾ ਉਤਰਨ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਹਰ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਇਸ ਮੌਕੇ ਉਨ੍ਹਾਂ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸਹਿਯੋਗ ਅਤੇ ਵਿਸ਼ਵਾਸ ਹੀ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ।







