Home » ਅਪਰਾਧ » ਬਠਿੰਡਾ ਪੁਲਿਸ ਵੱਲੋਂ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਸਰਚ ਅਭਿਆਨ, 19 ਵਿਅਕਤੀ ਗ੍ਰਿਫ਼ਤਾਰ

ਬਠਿੰਡਾ ਪੁਲਿਸ ਵੱਲੋਂ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਸਰਚ ਅਭਿਆਨ, 19 ਵਿਅਕਤੀ ਗ੍ਰਿਫ਼ਤਾਰ

News Portal Development Companies In India

ਐਨਡੀਪੀਐਸ ਐਕਟ ਤਹਿਤ 12 ਮੁਕੱਦਮੇ ਦਰਜ, 30.70 ਗ੍ਰਾਮ ਹੈਰੋਇਨ, 545 ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ

 


ਸੰਗਤ ਮੰਡੀ, 10 ਅਕਤੂਬਰ (ਅਮਨ ਸਰਦਾਰਗੜ੍ਹ) ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਨੇ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ 12 ਮੁਕੱਦਮੇ ਦਰਜ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਪਾਸੋਂ 30.70 ਗ੍ਰਾਮ ਹੈਰੋਇਨ/ਚਿੱਟਾ, 545 ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ, ਮਾਨਯੋਗ ਡੀਆਈਜੀ ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ, ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਐੱਸਪੀ ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ, ਆਈਪੀਐੱਸ ਦੀ ਰਹਿਨੁਮਾਈ ਹੇਠ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਅਭਿਆਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ 11 ਗਜ਼ਟਿਡ ਅਧਿਕਾਰੀਆਂ ਅਤੇ 459 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ। ਪੁਲਿਸ ਟੀਮਾਂ ਵੱਲੋਂ ਸਬ-ਡਿਵੀਜ਼ਨ ਬਠਿੰਡਾ ਦਿਹਾਤੀ ਅਤੇ ਸਬ-ਡਿਵੀਜ਼ਨ ਭੁੱਚੋ ਦੇ ਹੌਟਸਪੌਟ ਖੇਤਰਾਂ ਵਿੱਚ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ।
ਨਰਸਿੰਘ ਕਲੋਨੀ ਵਿੱਚ ਡੀਆਈਜੀ ਨੇ ਕੀਤੀ ਅਗਵਾਈ
ਸਰਚ ਅਭਿਆਨ ਦੌਰਾਨ ਡੀਆਈਜੀ ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਵੱਲੋਂ ਐੱਸਐੱਸਪੀ ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ ਅਤੇ ਏਡੀਸੀ ਬਠਿੰਡਾ ਸ੍ਰੀਮਤੀ ਕੰਚਨ, ਆਈਏਐੱਸ ਦੇ ਨਾਲ ਥਾਣਾ ਸੰਗਤ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਨਰਸਿੰਘ ਕਲੋਨੀ ਵਿਖੇ ਸਰਚ ਅਭਿਆਨ ਦੀ ਅਗਵਾਈ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ।ਇਸ ਤੋਂ ਇਲਾਵਾ, ਅਧਿਕਾਰੀਆਂ ਵੱਲੋਂ ਪਿੰਡ ਪਥਰਾਲਾ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਵੀ ਦਿੱਤਾ ਗਿਆ।
ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ
ਸਰਚ ਅਭਿਆਨ ਤਹਿਤ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਹੌਟਸਪੌਟ ਖੇਤਰਾਂ ਦੇ ਅੰਦਰੂਨੀ ਅਤੇ ਬਾਹਰੀ ਰਸਤਿਆਂ ’ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਲਾਕਿਆਂ ਵਿੱਚ ਚੌਕਸੀ ਵਧਾਈ ਗਈ।ਇਸ ਕਾਰਵਾਈ ਦੌਰਾਨ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਐਨਡੀਪੀਐਸ ਐਕਟ ਤਹਿਤ 12 ਮਾਮਲੇ ਦਰਜ ਕੀਤੇ ਗਏ। ਪੁਲਿਸ ਅਨੁਸਾਰ, ਇਸ ਦੌਰਾਨ 30.70 ਗ੍ਰਾਮ ਹੈਰੋਇਨ/ਚਿੱਟਾ, 545 ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇਣ ਦੀ ਅਪੀਲ
ਬਠਿੰਡਾ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ। ਜੇਕਰ ਕਿਸੇ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਨਸ਼ਾ ਵੇਚਣ ਜਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵਿਅਕਤੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਇਸ ਦੀ ਸੂਚਨਾ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਦੇ ਸਕਦਾ ਹੈ।ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।

Leave a Comment

Will the middle class get relief from the first general budget of Modi 3.0?