ਮ੍ਰਿਤਕ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼; ਦੋ ਮੁਲਜ਼ਮ ਗ੍ਰਿਫ਼ਤਾਰ, ਬਾਕੀ ਦੋ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਪਰਿਵਾਰਕ ਮੈਂਬਰ

ਰਾਮਾ ਮੰਡੀ, 18 ਸਤੰਬਰ (ਯੰਗ ਪੀਡੀਆ ਨਿਊਜ਼)ਨੇੜਲੇ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ 42 ਸਾਲਾ ਵਿਅਕਤੀ ਦੀ ਘਰ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਚੌਂਕੀ ਰਾਮਾ ਵੱਲੋਂ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਗੁਰਮੀਤ ਕੌਰ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਨੂੰ ਗੁਰਮੇਲ ਸਿੰਘ, ਉਸ ਦੀ ਪਤਨੀ ਸੁਖਵਿੰਦਰ ਕੌਰ, ਹਰਪ੍ਰੀਤ ਸਿੰਘ ਅਤੇ ਗਿੱਦੜਬਾਹਾ ਵਾਸੀ ਵਿਨੋਦ/ਵਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ। ਉਸ ਨੇ ਦੋਸ਼ ਲਾਇਆ ਕਿ ਇਸ ਤੋਂ ਦੁਖੀ ਹੋ ਕੇ ਉਸ ਦੇ ਪਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਪੁਲਿਸ ਨੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਉਹ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦੀ ਮੰਗ ਹੈ ਕਿ ਮਾਮਲੇ ਵਿੱਚ ਨਾਮਜ਼ਦ ਬਾਕੀ ਦੋਸ਼ੀਆਂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਜਾਵੇ। ਪਰਿਵਾਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਵੱਲੋਂ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਭਲਕੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕਰਨਗੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਅਤੇ ਜਨਰਲ ਸਕੱਤਰ ਪੰਜਾਬ ਕਾਕਾ ਸਿੰਘ ਕੋਟੜਾ ਵੀ ਪਰਿਵਾਰ ਦੇ ਹੱਕ ਵਿੱਚ ਮੌਕੇ ’ਤੇ ਪਹੁੰਚੇ। ਖ਼ਬਰ ਲਿਖੇ ਜਾਣ ਤੱਕ ਪੁਲਿਸ ਅਤੇ ਪਰਿਵਾਰਕ ਮੈਂਬਰਾਂ ਵਿਚਕਾਰ ਗੱਲਬਾਤ ਜਾਰੀ ਸੀ।









