
ਸੰਗਤ ਮੰਡੀ , 21 ਜੁਲਾਈ (ਯ ਪ ) ਦਿੱਲੀ ‘ਚ ਵਿਦਿਆਰਥੀਆਂ ਤੇ ਨੌਜਵਾਨਾਂ ‘ਤੇ ਜਬਰ ਤਸ਼ੱਦਦ ਢਾਉਣ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਨ ਦੇ ਦਿੱਤੇ ਸੱਦੇ ਤਹਿਤ ਅੱਜ ਸੰਗਤ ਬਲਾਕ ਦੇ ਪਿੰਡ ਘੁੱਦਾ ਦੇ ਬੱਸ ਸਟੈਂਡ ‘ਤੇ ਕੇਂਦਰ ਤੇ ਭਗਵੰਤ ਮਾਨ ਸਰਕਾਰ ਦੀ ਅਰਥੀ ਸਾੜੀ ਗਈ। ਵੱਖ ਵੱਖ ਥਾਵਾਂ ਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਰਾਮ ਸਿੰਘ ਕੋਟਗੁਰੂ, ਜਸਕਰਨ ਸਿੰਘ ਕੋਟ ਗੁਰੂ, ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਆਗੂ ਬਿੰਦਰ ਸਿੰਘ ਬਠਿੰਡਾ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜਾਂ ਦੀਆਂ ਵੱਖ-ਵੱਖ ਸਰਕਾਰਾਂ ਵੱਲੋਂ ਲੋਕਾਂ ਤੇ ਜਬਰ ਢਾਹ ਕੇ ਉਹਨਾਂ ਦੀ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੀਤੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ।

ਦਿੱਲੀ ‘ਚ ਵਿਦਿਆਰਥੀਆਂ ਤੇ ਨੌਜਵਾਨਾਂ ਦਾ ਪ੍ਰਗਟ ਹੋਇਆ ਜ਼ੋਰਦਾਰ ਰੋਹ ਨੌਜਵਾਨਾਂ ਅੰਦਰ ਜਮਾ ਹੋ ਚੁੱਕੇ ਰੋਸ ਤੇ ਬੇਚੈਨੀ ਦਾ ਸਿੱਧਾ ਇਜ਼ਹਾਰ ਹੈ। ਪ੍ਰੀਖਿਆ ਪ੍ਰਣਾਲੀ ਦੇ ਘੁਟਾਲਿਆਂ ਤੋਂ ਲੈ ਕੇ ਅੰਤਾਂ ਦੀ ਮਹਿੰਗੀ ਸਿੱਖਿਆ ਤੇ ਮਗਰੋਂ ਬੇਰੁਜ਼ਗਾਰੀ ਦੇ ਸੰਤਾਪ ਹੰਢਾਉਂਦੇ ਨੌਜਵਾਨਾਂ ਦੀ ਪੀੜ ਸੁਣਨ ਦੀ ਬਜਾਏ ਮੋਦੀ ਸਰਕਾਰ ਇਸ ਆਵਾਜ਼ ਨੂੰ ਜਬਰ ਨਾਲ ਕੁਚਲਣ ਦਾ ਭਰਮ ਪਾਲ਼ ਰਹੀ ਹੈ। ਵਿਦਿਆਰਥੀਆਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਗਿਆ ਹੈ। ਦਿੱਲੀ ਤੇ ਆਲੇ ਦੁਆਲੇ ਦੇ ਰਾਜਾਂ ਤੋਂ ਹਜ਼ਾਰਾਂ ਦੀ ਗਿਣਤੀ ਚ ਪਹੁੰਚੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ- ਮਾਰਿਆ ਤੇ ਘੜੀਸਿਆ ਗਿਆ ਹੈ। ਮੋਦੀ ਸਰਕਾਰ ਦਾ ਇਹ ਵਿਹਾਰ ਬਰਦਾਸ਼ਤ ਕਰਨ ਯੋਗ ਨਹੀਂ ਹੈ। ਅੱਜ ਦੇ ਇਕੱਠਾਂ ਵਿੱਚ ਬੁਲਾਰਿਆਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਕੀਤੇ ਜਬਰ ਅਤੇ ਪੰਜਾਬ ਸਰਕਾਰ ਵੱਲੋਂ ਮਨਰੇਗਾ ਕਰਮਚਾਰੀਆਂ ਤੇ ਕੀਤੇ ਜਬਰ ਦੀ ਵੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਐਸ ਕੇ ਐਮ ਦੇ ਸੱਦੇ ਤਹਿਤ ਅੱਜ ਕੀਤੇ ਜਾ ਰਹੇ ਟੋਲ ਪਲਾਜਿਆਂ ਦੇ ਇਕੱਠਾਂ ਵਿੱਚ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ। ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਵਿਦਿਆਰਥੀਆਂ ਚੋਂ ਸੋਨਲ ਵੀ ਸੰਬੋਧਨ ਕੀਤਾ।ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਹਰਵਿੰਦਰ ਸਿੰਘ ਗਾਗੀ ਤੇ ਗੁਰਤੇਜ ਸਿੰਘ ਸ਼ਾਮਲ ਤੋਂ ਇਲਾਵਾ ਗੁਰਦੀਪ ਸਿੰਘ ਜੈ ਸਿੰਘ ਵਾਲਾ, ਕੁਲਦੀਪ ਸਿੰਘ ਜਸਵੀਰ ਸਿੰਘ ਸ਼ੇਖੂ, ਸੋਮਾ ਰਾਏਕੇ ਕਲਾਂ, ਰਿੰਕੂ ਕਾਲਝਰਾਣੀ, ਹਰਗੋਬਿੰਦ ਸਿੰਘ ਚੱਕ ਅਤਰ ਸਿੰਘ ਵਾਲਾ ਤਾਰਾ ਸਿੰਘ ਪਥਰਾਲਾ ਆਦਿ ਸ਼ਾਮਲ ਸਨ।







