“ਸਰਕਾਰ ਘੁੱਟ ਰਹੀ ਹੈ ਮੀਡੀਆ ਦੀ ਆਜ਼ਾਦੀ ਦਾ ਗਲਾ” –ਜੌੜਾ, ਸਿੱਧੂ, ਪੂਹਲੀ, ਭਗਤਾ

ਭੁੱਚੋ ਮੰਡੀ, 20 ਅਗਸਤ (ਪੱਤਰ ਪ੍ਰੇਰਕ)– ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਥਾਣਾ ਲੰਬੀ ਵਿਖੇ ਵੈੱਬ ਚੈੱਨਲ ਲੋਕ ਆਵਾਜ਼ ਟੀ.ਵੀ. ਦੇ ਸੁਤੰਤਰ ਵੈੱਬ ਮੀਡੀਆ ਕਰਮੀ ਮਨਿੰਦਰ ਸਿੱਧੂ ’ਤੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੀ ਸੰਗੀਨ ਧਾਰਾ ਤਹਿਤ ਦਰਜ ਕੀਤੇ ਗਏ ਕਥਿਤ ਝੂਠੇ ਪਰਚੇ ਦੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।
ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਪਰਵਿੰਦਰ ਸਿੰਘ ਜੌੜਾ, ਕੌਮੀ ਕਾਰਜਕਾਰੀ ਦੇ ਮੈਂਬਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਨੈਬ ਸਿੰਘ ਸਿੱਧੂ, ਸੂਬਾ ਸਕੱਤਰ ਵੀਰਪਾਲ ਭਗਤਾ ਅਤੇ ਸੂਬਾ ਕਮੇਟੀ ਮੈਂਬਰ ਗੁਰਤੇਜ ਸਿੰਘ ਸਿੱਧੂ ਪੂਹਲੀ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਮੀਡੀਆ ਦੀ ਆਜ਼ਾਦੀ ਦਾ ਗਲਾ ਘੁੱਟ ਰਹੀ ਹੈ।
ਉਨ੍ਹਾਂ ਕਿਹਾ ਕਿ ਮੀਡੀਆ ਦਾ ਮੁੱਖ ਕੰਮ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮਾਜਿਕ ਕੁਰੀਤੀਆਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਉਨ੍ਹਾਂ ਦਾ ਸਾਰਥਕ ਹੱਲ ਕੱਢਿਆ ਜਾ ਸਕੇ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮਨਿੰਦਰ ਸਿੱਧੂ ਵੀ ਆਪਣੀ ਡਿਊਟੀ ਬਾਖ਼ੂਬੀ ਨਿਭਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮਨਿੰਦਰ ਸਿੱਧੂ ਵੱਲੋਂ ਸੂਬਾ ਸਰਕਾਰ ਦੇ ਇੱਕ ਮੰਤਰੀ ਦੇ ਪਿੰਡ ਵਿੱਚ ਵਿਕ ਰਹੇ ਨਸ਼ਿਆਂ ਅਤੇ ਨਸ਼ਿਆਂ ਕਾਰਨ ਪਿੰਡ ਦੇ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਸਬੰਧੀ ਕਵਰੇਜ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਗੱਲ ਸਰਕਾਰ ਤੋਂ ਬਰਦਾਸ਼ਤ ਨਹੀਂ ਹੋਈ ਅਤੇ ਕਥਿਤ ਤੌਰ ’ਤੇ ਝੂਠੀ ਕਹਾਣੀ ਘੜ ਕੇ ਪੱਤਰਕਾਰ ਮਨਿੰਦਰ ਸਿੱਧੂ ਸਮੇਤ ਹੋਰਨਾਂ ’ਤੇ ਪਰਚਾ ਦਰਜ ਕਰ ਦਿੱਤਾ ਗਿਆ।
ਆਗੂਆਂ ਨੇ ਕਿਹਾ ਕਿ ਪੁਲਿਸ ਅਤੇ ਸਰਕਾਰ ਦਾ ਇਹ ਰਵੱਈਆ ਨਾਕਾਬਿਲ-ਏ-ਬਰਦਾਸ਼ਤ ਹੈ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਇਸ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਮਾਮਲੇ ਦੇ ਸਾਰੇ ਕਾਨੂੰਨੀ ਪਹਿਲੂਆਂ ਨੂੰ ਵਿਚਾਰਨ ਉਪਰੰਤ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ।









