Home » ਸਿਹਤ » ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਮਹਾਂਵਾਰੀ ਸਵੱਛਤਾ’ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਮਹਾਂਵਾਰੀ ਸਵੱਛਤਾ’ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ

News Portal Development Companies In India

ਤਲਵੰਡੀ ਸਾਬੋ(ਅੰਮ੍ਰਿਤ ਮਲਕਾਣਾ)9 ਸਤੰਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ, ਬਠਿੰਡਾ ਵਿਖੇ ਕਾਲਜ ਦੇ ਰੈਡ ਰਿਬਨ ਕਲੱਬ ਅਤੇ ਰੈਡ ਕਰਾਸ ਸੋਸਾਇਟੀ ਵੱਲੋਂ ‘ਜ਼ਿੰਦਗੀ ਜ਼ਿੰਦਾਬਾਦ’ ਮਿਸ਼ਨ ਤਹਿਤ ਗਲੋਬਲ ਸਿੱਖਜ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਪਹਿਚਾਣ’ ਮਹਾਂਵਾਰੀ ਸਵੱਛਤਾ ਜਾਗਰੂਕਤਾ ਮੁਹਿੰਮ ਅਧੀਨ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਮਹਾਂਵਾਰੀ ਦੌਰਾਨ ਸਿਹਤ, ਸਵੱਛਤਾ ਅਤੇ ਇਸ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਗਰੂਕ ਕਰਨਾ ਸੀ।

ਇਸ ਮੌਕੇ ਡਾ. ਦੀਪ ਸ਼ਿਖਾ, ਜਿੰਦਲ ਹਸਪਤਾਲ, ਤਲਵੰਡੀ ਸਾਬੋ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨਾਲ ਮਹਾਂਵਾਰੀ ਦੌਰਾਨ ਆਉਣ ਵਾਲੀਆਂ ਸਰੀਰਕ ਅਤੇ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮਹਾਂਵਾਰੀ ਸਵੱਛਤਾ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਖੁੱਲ੍ਹ ਕੇ ਗੱਲਬਾਤ ਕਰਨਾ ਅਤੇ ਔਰਤਾਂ ਦੀਆਂ ਸਿਹਤ ਸਮੱਸਿਆਵਾਂ ਦੇ ਹੱਲ ਲਈ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਇਸ ਉਪਰੰਤ ਗਲੋਬਲ ਸਿੱਖਜ਼ ਫਾਊਂਡੇਸ਼ਨ ਦੇ ਫਾਊਂਡਰ ਸ. ਨਵਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ‘ਪਹਿਚਾਣ’ ਮੁਹਿੰਮ ਨਾਲ ਜੁੜਨ ਅਤੇ ਪਿੰਡ ਪੱਧਰ ਤੱਕ ਮਹਾਂਵਾਰੀ ਸਵੱਛਤਾ ਸਬੰਧੀ ਜਾਗਰੂਕਤਾ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਇਸ ਵਿਸ਼ੇ ਨਾਲ ਜੁੜੀਆਂ ਝਿਜਕਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਨੌਜਵਾਨ ਪੀੜ੍ਹੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਗਲੋਬਲ ਸਿੱਖਜ਼ ਫਾਊਂਡੇਸ਼ਨ ਦੇ ਮੈਂਬਰ ਮਿਸ ਨਮਨਦੀਪ ਕੌਰ ਅਤੇ ਮਿਸ ਅਵਲੀਨ ਕੌਰ, ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਨੋਵਿਗਿਆਨ ਵਿਭਾਗ ਨਾਲ ਰਿਸਰਚ ਸਕਾਲਰ ਵਜੋਂ ਜੁੜੇ ਹੋਏ ਹਨ, ਨੇ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ, ਮਾਨਸਿਕ ਸਿਹਤ ਦਾ ਧਿਆਨ ਰੱਖਣ ਅਤੇ ਔਰਤਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਤੋਂ ਬਚਾਅ ਲਈ ਜ਼ਰੂਰੀ ਸੁਝਾਅ ਦਿੱਤੇ।

ਇਸ ਮੌਕੇ ਸ ਰੁਪਿੰਦਰਜੀਤ ਸਿੰਘ ਨੇ ਵਿਦਿਆਰਥਣਾਂ ਨੂੰ ‘ਜ਼ਿੰਦਗੀ ਜ਼ਿੰਦਾਬਾਦ’ ਮਿਸ਼ਨ ਅਤੇ ‘ਪਹਿਚਾਣ’ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਇਸ ਮਹੱਤਵਪੂਰਨ ਵਿਸ਼ੇ ’ਤੇ ਖੁੱਲ੍ਹ ਕੇ ਚਰਚਾ ਕਰਨ ਅਤੇ ਆਪਣੇ ਆਲੇ-ਦੁਆਲੇ ਦੀਆਂ ਹੋਰ ਲੜਕੀਆਂ ਅਤੇ ਮਹਿਲਾਵਾਂ ਨੂੰ ਵੀ ਜਾਗਰੂਕ ਕਰਨ ਦੀ ਅਪੀਲ ਕੀਤੀ।

ਪ੍ਰੋਗਰਾਮ ਦੌਰਾਨ ਗਲੋਬਲ ਸਿੱਖਜ਼ ਫਾਊਂਡੇਸ਼ਨ ਦੀ ਟੀਮ ਵੱਲੋਂ ਮਾਤਾ ਨਾਨਕੀ ਜੀ ਅਕਾਦਮਿਕ ਅਤੇ ਮੁਫ਼ਤ ਵਿਦਿਆ ਯੋਜਨਾ ਅਧੀਨ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡੇ ਗਏ। ਵਿਦਿਆਰਥਣਾਂ ਨੂੰ ਤਿੰਨ ਮਹੀਨਿਆਂ ਦਾ ਸਟਾਕ ਮੁਹੱਈਆ ਕਰਵਾਇਆ ਗਿਆ। ਇਸ ਦੇ ਨਾਲ ਹੀ ਫਾਊਂਡੇਸ਼ਨ ਵੱਲੋਂ ਭਵਿੱਖ ਵਿੱਚ ਵੀ ਵਿਦਿਆਰਥਣਾਂ ਦੀ ਸਿਹਤ ਅਤੇ ਜ਼ਰੂਰਤਾਂ ਸਬੰਧੀ ਸਹਾਇਤਾ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਈ ਗਈ।

ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋ. ਸ਼ਾਲਿਨੀ ਸਹਿਗਲ ਵੱਲੋਂ ਸਮੂਹ ਮਹਿਮਾਨਾਂ, ਬੁਲਾਰਿਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਰੈਡ ਰਿਬਨ ਕਲੱਬ ਦੇ ਮੈਂਬਰ ਡਾ. ਸਪਨਜੀਤ ਕੌਰ, ਪ੍ਰੋ. ਵਰਿੰਦਰ ਕੌਰ, ਪ੍ਰੋ. ਕਿਰਨ ਬਾਲਾ, ਪ੍ਰੋ. ਸਰਬਜੀਤ ਕੌਰ ਅਤੇ ਪ੍ਰੋ. ਅਰਸ਼ਦੀਪ ਸਿੰਘ ਸਮੇਤ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

Leave a Comment

Will the middle class get relief from the first general budget of Modi 3.0?