Home » ਰਾਜਨੀਤੀ » ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਬਾਜਕ, ਲੂਲਬਾਈ ਅਤੇ ਚੱਕ ਅਤਰ ਸਿੰਘ ਵਾਲਾ ਵਿਖੇ ਲਾਭਪਾਤਰੀਆਂ ਨੂੰ ਮਾਲਕੀ ਦੇ ਦਸਤਾਵੇਜ਼ ਵੰਡੇ

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਬਾਜਕ, ਲੂਲਬਾਈ ਅਤੇ ਚੱਕ ਅਤਰ ਸਿੰਘ ਵਾਲਾ ਵਿਖੇ ਲਾਭਪਾਤਰੀਆਂ ਨੂੰ ਮਾਲਕੀ ਦੇ ਦਸਤਾਵੇਜ਼ ਵੰਡੇ

News Portal Development Companies In India

ਹਰ ਪਰਿਵਾਰ ਨੂੰ ਆਪਣੇ ਘਰ ਦਾ ਮਾਲਕ ਬਣਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਸਰਕਾਰ ਦੀ ਤਰਜੀਹ – ਗੋਪਾਲ ਸਿੰਘ ਕੋਟਫੱਤਾ

ਸੰਗਤ ਮੰਡੀ 26 ਅਕਤੂਬਰ (ਅਮਨ ਸਰਦਾਰਗੜ੍ਹ) ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਸ੍ਰੀ ਗੋਪਾਲ ਸਿੰਘ ਕੋਟਫੱਤਾ ਵੱਲੋਂ ਹਲਕੇ ਦੇ ਪਿੰਡ ਬਾਜਕ, ਲੂਲਬਾਈ ਅਤੇ ਚੱਕ ਅਤਰ ਸਿੰਘ ਵਾਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਵੰਡੇ ਗਏ। ਇਸ ਉਪਰਾਲੇ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਵਾਲੇ ਘਰਾਂ ਅਤੇ ਜਗ੍ਹਾ ਦੇ ਮਾਲਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕਾਂ ਨਾਲ ਸਬੰਧਤ ਦਸਤਾਵੇਜ਼ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਦੀ ਸਰਕਾਰੀ ਰਿਕਾਰਡ ਵਿੱਚ ਮਾਲਕੀ ਦੇ ਹੱਕਾਂ ਪ੍ਰਤੀ ਕਾਨੂੰਨੀ ਅਤੇ ਦਸਤਾਵੇਜ਼ੀ ਸੁਰੱਖਿਆ ਪ੍ਰਦਾਨ ਕਰਨਾ ਹੈ।ਇਸ ਮੌਕੇ ਸ੍ਰੀ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਘਰ ਹਰ ਪਰਿਵਾਰ ਦੀ ਮੁੱਢਲੀ ਲੋੜ ਹੋਣ ਦੇ ਨਾਲ-ਨਾਲ ਉਸ ਦੀ ਸੁਰੱਖਿਆ, ਸਨਮਾਨ ਅਤੇ ਭਵਿੱਖ ਨਾਲ ਜੁੜਿਆ ਹੁੰਦਾ ਹੈ। ਆਪਣੇ ਘਰ ਦੀ ਮਾਲਕੀ ਦਾ ਹੱਕ ਮਿਲਣਾ ਕਿਸੇ ਵੀ ਪਰਿਵਾਰ ਲਈ ਬਹੁਤ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਨਾਲ ਸਬੰਧਤ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਦੀ ਪਛਾਣ ਅਤੇ ਸੁਰੱਖਿਆ ਵਿੱਚ ਮਦਦ ਮਿਲੇਗੀ। ਕਿਉਂਕਿ ਮੁਰੱਬੇਬੰਦੀ ਤੋਂ ਬਾਅਦ ਅਜ਼ਾਦੀ ਦੇ 80 ਸਾਲ ਮਗਰੋਂ ਪਹਿਲੀ ਵਾਰੀ ਕਿਸੇ ਸਰਕਾਰ ਵੱਲੋਂ ਇਹ ਉੱਦਮ ਕਰਕੇ ਲਾਲ ਲਕੀਰ ਦੇ ਅੰਦਰ ਵਾਲੀ ਜਗ੍ਹਾ ਦੇ ਮਾਲਕਾਂ ਨੂੰ ਮਾਲਕੀ ਦੇ ਹੱਕ ਅਤੇ ਦਸਤਾਵੇਜ਼ ਮੁਹਈਆ ਕਰਵਾਏ ਗਏ ਹਨ। ਜੋ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਜੀ ਮਾਨ ਦੀ ਸਰਕਾਰ ਦਾ ਬਹੁਤ ਵੱਡਾ ਕਦਮ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਉਣਾ ਹੈ। ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਅਸਲ ਲਾਭ ਉਦੋਂ ਹੀ ਮਿਲਦਾ ਹੈ, ਜਦੋਂ ਉਨ੍ਹਾਂ ਦਾ ਫਾਇਦਾ ਆਮ ਲੋਕਾਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਉਨ੍ਹਾਂ ਦੇ ਹੱਕਾਂ ਸਬੰਧੀ ਜਾਗਰੂਕ ਕਰਨਾ ਅਤੇ ਯੋਗ ਲਾਭਪਾਤਰੀਆਂ ਦੀ ਸਹਾਇਤਾ ਕਰਨਾ ਸਮੇਂ ਦੀ ਅਹਿਮ ਲੋੜ ਹੈ।
ਸ੍ਰੀ ਕੋਟਫੱਤਾ ਨੇ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਬਣਦਾ ਲਾਭ ਦਿਵਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।
ਇਸ ਮੌਕੇ ਲਾਭਪਾਤਰੀਆਂ ਨੇ ਮਾਲਕੀ ਦੇ ਦਸਤਾਵੇਜ਼ ਪ੍ਰਾਪਤ ਕਰਨ ’ਤੇ ਖੁਸ਼ੀ ਪ੍ਰਗਟਾਈ। ਪਿੰਡਾਂ ਵਿੱਚ ਅਜਿਹੇ ਉਪਰਾਲਿਆਂ ਨਾਲ ਲੋਕਾਂ ਨੂੰ ਆਪਣੇ ਹੱਕਾਂ ਬਾਰੇ ਜਾਣਕਾਰੀ ਮਿਲਣ ਦੇ ਨਾਲ-ਨਾਲ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਵਿੱਚ ਵੀ ਸਹੂਲਤ ਮਿਲਦੀ ਹੈ।ਅੰਤ ਵਿੱਚ ਸ੍ਰੀ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਲੋਕਾਂ ਦੀ ਸੇਵਾ, ਉਨ੍ਹਾਂ ਦੇ ਹੱਕਾਂ ਦੀ ਰਾਖੀ ਅਤੇ ਪਿੰਡਾਂ ਦਾ ਵਿਕਾਸ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਹਲਕੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਯਤਨ ਜਾਰੀ ਰਹਿਣਗੇ।ਇਸ ਮੌਕੇ ਨਾਇਬ ਤਹਿਸੀਲਦਾਰ ਬਠਿੰਡਾ ਸ੍ਰੀਮਤੀ ਗੁਰਪ੍ਰੀਤ ਕੌਰ, ਯੂਥ ਆਗੂ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ,ਬਲਾਕ ਪ੍ਰਧਾਨ ਹਰਮਨਜੀਤ ਕੌਰ, ਸਰਪੰਚ ਜਗਤਾਰ ਸਿੰਘ ਬਾਜਕ, ਸਰਪੰਚ ਗੁਰਮੀਤ ਲੂਲਬਾਈ, ਸੰਦੀਪ ਸਿੰਘ ਧਾਲੀਵਾਲ, ਐਡਵੋਕੇਟ ਬਾਬੂ ਸਿੰਘ ਲੂਲਬਾਈ, ਸਰਪੰਚ ਚੱਕ ਅਤਰ ਸਿੰਘ, ਬਲਜਿੰਦਰ ਸਿੰਘ ਬੱਬੀ ਸਰਪੰਚ, ਦਿਲਬਾਗ ਸਿੰਘ, ਕੁਲਦੀਪ ਸਿੰਘ, ਮਾਸਟਰ ਸੁਖਰਾਜ ਸਿੰਘ ਅਤੇ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ।

Leave a Comment

Will the middle class get relief from the first general budget of Modi 3.0?