ਐਂਟੀ ਨਾਰਕੋਟਿਕ ਸੈੱਲ ਵੱਲੋਂ 151.16 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਤਲਵੰਡੀ ਸਾਬੋ, 20 ਅਗਸਤ ,(ਅੰਮ੍ਰਿਤ ਮਲਕਾਣਾ ) ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ, ਬਠਿੰਡਾ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 151.16 ਗ੍ਰਾਮ ਹੈਰੋਇਨ ਬਰਾਮਦ ਕੀਤੀ।ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਮਨੋਜ ਗੋਰਸੀ, ਐਸ.ਪੀ. ਇਨਵੈਸਟੀਗੇਸ਼ਨ, ਬਠਿੰਡਾ ਨੇ ਦੱਸਿਆ ਕਿ ਥਾਣਾ ਤਲਵੰਡੀ ਸਾਬੋ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰਵਿੰਦਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਰੋੜੀ ਵਜੋਂ ਹੋਈ ਹੈ।ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਖ਼ਿਲਾਫ਼ ਪਹਿਲਾਂ ਵੀ NDPS Act ਤਹਿਤ 2 ਮੁਕੱਦਮੇ ਦਰਜ ਹਨ।ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ।









