ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ, ਪਾੜ ਨੂੰ ਬੰਦ ਕਰਨ ਲਈ ਨਹਿਰੀ ਵਿਭਾਗ ਵੱਲੋਂ ਜੇਸੀਬੀ ਭੇਜੀ ਗਈ

ਰਾਮਾ ਮੰਡੀ,16 ਅਕਤੂਬਰ(ਰਾਮਪਾਲ ਅਰੋੜਾ/ਅੰਮ੍ਰਿਤ ਮਲਕਾਣਾ)ਰਾਮਾ ਮੰਡੀ ਨੇੜੇ ਲੰਘਦੇ ਰਜ਼ਵਾਹੇ ਵਿੱਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਵਿੱਚ ਪਾਣੀ ਭਰ ਗਿਆ। ਇਸ ਕਾਰਨ ਝੋਨੇ ਦੀ ਪੱਕਣ ਕਿਨਾਰੇ ਖੜ੍ਹੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਪ੍ਰਭਾਵਿਤ ਕਿਸਾਨਾਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਝੋਨੇ ਦੀ ਫ਼ਸਲ ਪੱਕ ਕੇ ਵਾਢੀ ਦੇ ਨੇੜੇ ਪਹੁੰਚ ਚੁੱਕੀ ਸੀ। ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਰਜ਼ਵਾਹੇ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ। ਰਜ਼ਵਾਹੇ ਉੱਤੇ ਬਣਿਆ ਪੁਲ ਨੀਵਾਂ ਹੋਣ ਕਾਰਨ ਉੱਥੇ ਰੇਤ ਅਤੇ ਟਾਹਣੀਆਂ ਇਕੱਠੀਆਂ ਹੋ ਗਈਆਂ, ਜਿਸ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਈ ਅਤੇ ਪੁਲ ਵਾਲੀ ਜਗ੍ਹਾ ਬੰਦ ਹੋ ਗਈ।
ਕਿਸਾਨ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਕਿਸਾਨਾਂ ਅਤੇ ਨਹਿਰੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪੁਲ ਕੋਲੋਂ ਰੁਕਾਵਟਾਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਕੋਸ਼ਿਸ਼ ਸਫ਼ਲ ਨਹੀਂ ਹੋ ਸਕੀ। ਇਸ ਤੋਂ ਬਾਅਦ ਦੇਰ ਰਾਤ ਰਜ਼ਵਾਹੇ ਵਿੱਚ ਪਾੜ ਪੈ ਗਿਆ, ਜਿਸ ਕਾਰਨ ਪਾਣੀ ਖੇਤਾਂ ਵਿੱਚ ਦਾਖ਼ਲ ਹੋ ਗਿਆ ਅਤੇ ਝੋਨੇ ਦੀਆਂ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ।ਦੂਜੇ ਪਾਸੇ, ਜਦੋਂ ਨਹਿਰੀ ਵਿਭਾਗ ਦੇ ਜੇਈ ਨਾਲ ਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਵਿਭਾਗ ਦੇ ਮੁਲਾਜ਼ਮ ਪਹਿਲਾਂ ਹੀ ਪੁਲ ਕੋਲ ਇਕੱਠੀਆਂ ਹੋਈਆਂ ਰੁਕਾਵਟਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਰਜ਼ਵਾਹੇ ਵਿੱਚ ਪਾੜ ਪੈਣ ਦੀ ਸੂਚਨਾ ਮਿਲਦਿਆਂ ਹੀ ਵਿਭਾਗ ਵੱਲੋਂ ਤੁਰੰਤ ਜੇਸੀਬੀ ਭੇਜੀ ਗਈ ਤਾਂ ਜੋ ਪਾੜ ਨੂੰ ਬੰਦ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਥਿਤੀ ਨੂੰ ਸੰਭਾਲਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਘਟਨਾ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੇਤਾਂ ਵਿੱਚ ਭਰੇ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਅਤੇ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਪਹਿਲਾਂ ਹੀ ਖੇਤੀ ਲਾਗਤਾਂ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ।









