Home » ਸਿੱਖਿਆ » ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ

ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ਾਂ ’ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ

News Portal Development Companies In India

ਨਾਭਾ, 3 ਸਤੰਬਰ ( ਯੰਗ ਪੀਡੀਆ ਨਿਊਜ਼ )ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਵਿਚਾਰਧਾਰਾ, ਉਪਦੇਸ਼ਾਂ ਅਤੇ ਸਮਾਜਿਕ ਸੰਦੇਸ਼ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਮੰਤਵ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਜਿਕ ਸਮਾਨਤਾ, ਮਨੁੱਖੀ ਏਕਤਾ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਸੀ।

ਸੈਮੀਨਾਰ ਵਿੱਚ ਹਿਸਟਰੀ ਵਿਭਾਗ ਦੇ ਪ੍ਰੋਫੈਸਰ ਡਾ. ਅਮਰਿੰਦਰ ਸਿੰਘ ਨੇ ਵਿਸ਼ੇਸ਼ ਵਕਤਾ ਵਜੋਂ ਸ਼ਿਰਕਤ ਕੀਤੀ। ਡਾ. ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਵਿਚਾਰਧਾਰਾ ਅਤੇ ਸਮਾਜ ਸੁਧਾਰ ਵਿੱਚ ਪਾਏ ਯੋਗਦਾਨ ਬਾਰੇ ਵਿਦਿਆਰਥੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ, ਪ੍ਰੇਮ, ਸੱਚਾਈ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੇ ਵਿਚਾਰ ਅੱਜ ਦੇ ਆਧੁਨਿਕ ਯੁੱਗ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਵਿਚਾਰਧਾਰਾ ਸਮਾਜ ਵਿੱਚੋਂ ਊਚ-ਨੀਚ ਅਤੇ ਭੇਦਭਾਵ ਦੀਆਂ ਭਾਵਨਾਵਾਂ ਨੂੰ ਦੂਰ ਕਰਕੇ ਇੱਕ ਸਮਾਨਤਾ-ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀ ਹੈ।ਕਾਲਜ ਪ੍ਰਿੰਸੀਪਲ ਸ੍ਰੀ ਸ਼ਾਮ ਸੁੰਦਰ ਨੇ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਦਾ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਅੰਦਰ ਨੈਤਿਕ ਕਦਰਾਂ-ਕੀਮਤਾਂ, ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਸੰਵੇਦਨਸ਼ੀਲਤਾ ਦੀ ਭਾਵਨਾ ਪੈਦਾ ਕਰਨਾ ਵੀ ਹੈ। ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਮਹਾਨ ਗੁਰੂਆਂ ਅਤੇ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨ ਦੇ ਨਾਲ-ਨਾਲ ਉਹਨਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ’ਤੇ ਚਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਕਿਰਨ ਅਤੇ ਡਾ. ਮੁਖਤਿਆਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੀ ਸਮਾਜਿਕ ਚੇਤਨਾ ਨਾਲ ਸਬੰਧਤ ਵੱਖ-ਵੱਖ ਪੱਖਾਂ ’ਤੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਸ਼ੇ ਨਾਲ ਸਬੰਧਤ ਆਪਣੇ ਸਵਾਲ ਅਤੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰੋ. ਤਲਵਿੰਦਰ ਸਿੰਘ, ਪ੍ਰੋ. ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਰਹੇ।

Leave a Comment

Will the middle class get relief from the first general budget of Modi 3.0?