
ਤਖ਼ਤ ਸ੍ਰੀ ਦਮਦਮਾ ਸਾਹਿਬ (ਅੰਮ੍ਰਿਤ ਮਲਕਾਣਾ )ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ-ਛੋਹ ਪ੍ਰਾਪਤ ਅਤੇ ਕਲਮ-ਕਮਾਈ ਨਾਲ ਵਰੋਸਾਏ ਇਤਿਹਾਸਕ ਅਸਥਾਨ ਗੁਰਦੁਆਰਾ ਲਿਖਣਸਰ ਸਾਹਿਬ (ਤਖ਼ਤ ਸ੍ਰੀ ਦਮਦਮਾ ਸਾਹਿਬ) ਵਿਖੇ ਪਵਿੱਤਰ ਸਰੋਵਰ ਦੀ ਸਫ਼ਾਈ ਅਤੇ ਕਾਰ ਸੇਵਾ ਦਾ ਕਾਰਜ ਆਉਂਦੀ 20 ਸਤੰਬਰ ਨੂੰ ਪੂਰੀ ਸ਼ਰਧਾ, ਭਾਵਨਾ ਅਤੇ ਗੁਰਮਤਿ ਮਰਿਆਦਾ ਅਨੁਸਾਰ ਆਰੰਭ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਦੱਸਿਆ ਕਿ ਗੁਰਦੁਆਰਾ ਲਿਖਣਸਰ ਸਾਹਿਬ ਦਾ ਸਰੋਵਰ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। 20 ਸਤੰਬਰ ਨੂੰ ਸਵੇਰੇ ਅਰਦਾਸ ਤੋਂ ਉਪਰੰਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰੋਵਰ ਦੀ ਸਫ਼ਾਈ ਅਤੇ ਗਾਰ ਕੱਢਣ ਦੀ ਸੇਵਾ ਸ਼ੁਰੂ ਕੀਤੀ ਜਾਵੇਗੀ।
ਸਿੰਘ ਸਾਹਿਬ ਜੀ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਗੁਰੂ-ਨਾਮ ਲੇਵਾ ਸੰਗਤਾਂ, ਧਾਰਮਿਕ ਸੁਸਾਇਟੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਨੌਜਵਾਨ ਸਭਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 20 ਸਤੰਬਰ ਨੂੰ ਵੱਡੀ ਤੋਂ ਵੱਡੀ ਗਿਣਤੀ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਦੁਆਰਾ ਲਿਖਣਸਰ ਸਾਹਿਬ ਪਹੁੰਚ ਕੇ ਆਪਣੇ ਹੱਥੀਂ ਕਾਰ ਸੇਵਾ ਵਿੱਚ ਹਿੱਸਾ ਪਾਉਣ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਤੇ ਖ਼ੁਸ਼ੀਆਂ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ ਕਾਰ ਸੇਵਾ ਦੌਰਾਨ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ ਅਤੇ ਛਬੀਲ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।









