
ਤਲਵੰਡੀ ਸਾਬੋ, 16 ਅਗਸਤ (ਅੰਮ੍ਰਿਤ ਮਲਕਾਣਾ )- ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮੌਕੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਆਜ਼ਾਦੀ ਦਿਹਾੜਾ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀਮਤੀ ਵੀਰਪਾਲ ਕੌਰ, ਐੱਸ.ਡੀ.ਐੱਮ. ਤਲਵੰਡੀ ਸਾਬੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨਾਲ ਰਵਿੰਦਰਜੀਤ ਸਿੰਘ ਤਹਿਸੀਲਦਾਰ ਤਲਵੰਡੀ ਸਾਬੋ, ਵਿਪਿਨ ਕੁਮਾਰ ਕਾਰਜ ਸਾਧਕ ਅਫਸਰ, ਨਗਰ ਕੌਂਸਲ ਤਲਵੰਡੀ ਸਾਬੋ, ਹਰਬੰਸ ਸਿੰਘ ਬੀ.ਡੀ.ਪੀ.ਓ. ਤਲਵੰਡੀ ਸਾਬੋ, ਜਸਜੀਤ ਸਿੰਘ ਡੀ.ਐੱਸ.ਪੀ. ਤਲਵੰਡੀ ਸਾਬੋ, ਅਮਰੀਕ ਸਿੰਘ ਥਾਣਾ ਮੁਖੀ ਤਲਵੰਡੀ ਸਾਬੋ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੁਲਾਜ਼ਮ, ਸਕੂਲਾਂ-ਕਾਲਜਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਤਿਰੰਗਾ ਲਹਿਰਾਉਣ ਉਪਰੰਤ ਵੰਦੇ ਮਾਤਰਮ ਅਤੇ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਹੋਈ। ਇਸ ਤੋਂ ਬਾਅਦ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।

ਐੱਸ.ਡੀ.ਐੱਮ. ਵੀਰਪਾਲ ਕੌਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਵੱਖ-ਵੱਖ ਟੁਕੜੀਆਂ ਵੱਲੋਂ ਦਿੱਤੀ ਗਈ ਸਲਾਮੀ ਸਵੀਕਾਰ ਕੀਤੀ ਗਈ। ਵਿਦਿਆਰਥੀਆਂ ਵੱਲੋਂ ਪੂਰੇ ਅਨੁਸ਼ਾਸਨ ਅਤੇ ਜੋਸ਼ ਨਾਲ ਕੀਤੇ ਮਾਰਚ ਪਾਸਟ ਨੇ ਸਮਾਗਮ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰ ਦਿੱਤਾ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਪੰਜਾਬੀ ਸੱਭਿਆਚਾਰ ਅਤੇ ਭਾਰਤ ਦੀ ਏਕਤਾ ਤੇ ਅਖੰਡਤਾ ਨੂੰ ਦਰਸਾਉਂਦੀਆਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਗਿੱਧਾ, ਭੰਗੜਾ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸ.ਡੀ.ਐੱਮ. ਵੀਰਪਾਲ ਕੌਰ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਅਤੇ ਸਾਡਾ ਫਰਜ਼ ਹੈ ਕਿ ਅਸੀਂ ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮੁੱਚਾ ਸਮਾਗਮ ਦੇਸ਼ ਭਗਤੀ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਸੰਪੰਨ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ, ਸਰਕਾਰੀ ਅਧਿਕਾਰੀ ਕਰਮਚਾਰੀ ਅਤੇ ਸ਼ਹਿਰ ਵਾਸੀ ਮੌਜੂਦ ਸਨ।










