

ਸੰਗਤ ਮੰਡੀ, 19 ਅਗਸਤ ( ਚਰਨਜੀਤ ਮਛਾਣਾ)
ਪਿੰਡ ਫੁੱਲੋ ਮਿੱਠੀ ਦੇ ਨੌਜਵਾਨ ਰਾਜਵੀਰ ਸਿੰਘ ਉਰਫ ਵੀਰ ਦੀ ਮੌਤ ਦੇ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਮ੍ਰਿਤਕ ਦੇ ਸਹੁਰਾ ਪਰਿਵਾਰ ਵੱਲੋਂ ਥਾਣਾ ਸੰਗਤ ਦੇ ਸਾਹਮਣੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਨਾਮਜ਼ਦ ਦੋ ਵਿਅਕਤੀਆਂ ਅਤੇ ਦੋ ਔਰਤਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ।ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪਿੰਡ ਫੁੱਲੋ ਮਿੱਠੀ ਦੇ ਨੌਜਵਾਨ ਵੀਰ ਸਿੰਘ ਦੀ ਮੌਤ ਹੋ ਗਈ ਸੀ। ਇਸ ਮਾਮਲੇ ਸਬੰਧੀ ਮ੍ਰਿਤਕ ਦੀ ਪਤਨੀ ਰੇਖਾ ਰਾਣੀ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸੰਗਤ ਦੀ ਪੁਲਿਸ ਵੱਲੋਂ ਰੀਤੂ ਰਾਣੀ ਪਤਨੀ ਕੇਵਲ ਸਿੰਘ ਵਾਸੀ ਬਠਿੰਡਾ, ਉਗਰਸੈਨ ਅਤੇ ਭਾਵਨਾ ਵਾਸੀ ਸੰਗਤ ਮੰਡੀ ਅਤੇ ਵਿਪਨ ਕੁਮਾਰ ਵਾਸੀ ਮਾਡਲ ਟਾਊਨ ਬਠਿੰਡਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।ਮ੍ਰਿਤਕ ਦੀ ਪਤਨੀ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਕਤ ਵਿਅਕਤੀਆਂ ਵੱਲੋਂ ਉਸ ਦੇ ਪਤੀ ਨੂੰ ਕਥਿਤ ਤੌਰ ’ਤੇ ਬਲੈਕਮੇਲ ਕਰਕੇ ਪੈਸਿਆਂ ਦੀ ਮੰਗ ਕੀਤੀ ਜਾਂਦੀ ਸੀ। ਇਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਇਸੇ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ। ਪੁਲਿਸ ਨੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।ਅੱਜ ਮ੍ਰਿਤਕ ਦੇ ਸਹੁਰਾ ਪਰਿਵਾਰ ਵੱਲੋਂ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਥਾਣਾ ਸੰਗਤ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਦੇ ਸਾਲੇ ਮੇਸ਼ੀ ਅਤੇ ਪ੍ਰਵੀਨ ਕੁਮਾਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਬਲਵਿੰਦਰ ਸਿੰਘ ਜੇਠੂਕੇ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਮਾਮਲਾ ਦਰਜ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ।ਧਰਨਾਕਾਰੀਆਂ ਨੇ ਕਿਹਾ ਕਿ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦੇਣ ਲਈ ਮਜਬੂਰ ਹੋਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਵੱਲੋਂ ਨਾਮਜ਼ਦ ਵਿਅਕਤੀਆਂ ਅਤੇ ਔਰਤਾਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।ਇਸ ਸਬੰਧੀ ਥਾਣਾ ਸੰਗਤ ਦੇ ਸਬ-ਇੰਸਪੈਕਟਰ ਮੋਹਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਦੋ ਵਿਅਕਤੀਆਂ ਅਤੇ ਦੋ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਨਾਮਜ਼ਦ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।








