Home » ਰਾਜਨੀਤੀ » ਸੂਬਾ ਸਰਕਾਰ ਮੁਲਾਜ਼ਮਾਂ ਨੂੰ ਡੀ.ਏ. ਦੀ ਕਿਸ਼ਤ ਤੁਰੰਤ ਜਾਰੀ ਕਰੇ-ਹਰਮਿੰਦਰ ਸਿੰਘ ਜੱਸੀ

ਸੂਬਾ ਸਰਕਾਰ ਮੁਲਾਜ਼ਮਾਂ ਨੂੰ ਡੀ.ਏ. ਦੀ ਕਿਸ਼ਤ ਤੁਰੰਤ ਜਾਰੀ ਕਰੇ-ਹਰਮਿੰਦਰ ਸਿੰਘ ਜੱਸੀ

News Portal Development Companies In India

-ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ-


ਸੰਗਤ ਮੰਡੀ, 1 ਸਤੰਬਰ (ਚਰਨਜੀਤ ਮਛਾਣਾ)
-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਣਦਾ ਮਹਿੰਗਾਈ ਭੱਤਾ (ਡੀ.ਏ.) ਦੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਲਗਾਤਾਰ ਵਧਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੂਬਾ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸੂਬੇ ਦੇ ਪ੍ਰਸ਼ਾਸਨਿਕ ਅਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਲਈ ਸਰਕਾਰ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਮੁਲਾਜ਼ਮਾਂ ਦੇ ਬਣਦੇ ਹੱਕ ਸਮੇਂ ਸਿਰ ਦੇਵੇ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਨਾ ਕੀਤਾ ਜਾਵੇ।
ਜੱਸੀ ਨੇ ਕਿਹਾ ਕਿ ਮਹਿੰਗਾਈ ਨੇ ਆਮ ਪਰਿਵਾਰਾਂ ਦੇ ਘਰੇਲੂ ਬਜਟ ਨੂੰ ਪ੍ਰਭਾਵਿਤ ਕੀਤਾ ਹੈ। ਰੋਜ਼ਮਰ੍ਹਾ ਦੀਆਂ ਵਸਤੂਆਂ, ਬਿਜਲੀ, ਪਾਣੀ, ਬੱਚਿਆਂ ਦੀ ਪੜ੍ਹਾਈ, ਇਲਾਜ ਅਤੇ ਹੋਰ ਜ਼ਰੂਰੀ ਖਰਚਿਆਂ ਵਿੱਚ ਵਾਧਾ ਹੋਣ ਕਾਰਨ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉੱਤੇ ਆਰਥਿਕ ਬੋਝ ਵਧ ਰਿਹਾ ਹੈ। ਅਜਿਹੇ ਹਾਲਾਤ ਵਿੱਚ ਡੀ.ਏ. ਦੀ ਬਣਦੀ ਕਿਸ਼ਤ ਜਾਰੀ ਕਰਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਮੁਲਾਜ਼ਮ ਵਰਗ ਦੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਚਾਹੀਦਾ ਹੈ। ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਲੰਬੇ ਸਮੇਂ ਤੋਂ ਆਪਣੇ ਜਾਇਜ਼ ਹੱਕਾਂ ਲਈ ਆਵਾਜ਼ ਉਠਾਉਂਦੇ ਆ ਰਹੇ ਹਨ। ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੀ ਬਜਾਏ ਸਰਕਾਰ ਨੂੰ ਗੱਲਬਾਤ ਰਾਹੀਂ ਇਨ੍ਹਾਂ ਦਾ ਜ਼ਲਦ ਹੱਲ ਕਰਨਾ ਚਾਹੀਦਾ ਹੈ।ਸਾਬਕਾ ਮੰਤਰੀ ਜੱਸੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਮੁਲਾਜ਼ਮਾਂ ਦੇ ਯੋਗਦਾਨ ਨੂੰ ਕਿਸੇ ਵੀ ਤਰ੍ਹਾਂ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਿੱਖਿਆ, ਸਿਹਤ, ਬਿਜਲੀ, ਪਾਣੀ, ਆਵਾਜਾਈ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ ਤਾਇਨਾਤ ਮੁਲਾਜ਼ਮ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਆਰਥਿਕ ਅਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ।ਹਰਮਿੰਦਰ ਸਿੰਘ ਜੱਸੀ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਡੀ.ਏ. ਸਬੰਧੀ ਤੁਰੰਤ ਫ਼ੈਸਲਾ ਲਿਆ ਜਾਵੇ ਅਤੇ ਕਿਸ਼ਤ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਜ਼ਲਦ ਹੱਲ ਕਰਕੇ ਸਰਕਾਰ ਮੁਲਾਜ਼ਮ ਵਰਗ ਨੂੰ ਵੱਡੀ ਰਾਹਤ ਦੇ ਸਕਦੀ ਹੈ।
ਉਨ੍ਹਾਂ ਅਖੀਰ ‘ਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਲੋਕਾਂ ਦੇ ਜਾਇਜ਼ ਹੱਕਾਂ ਦੇ ਨਾਲ ਖੜ੍ਹੀ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾਂ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਇਸ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ.ਏ. ਦੀ ਕਿਸ਼ਤ ਜ਼ਲਦੀ ਜਾਰੀ ਕਰੇਗੀ।

Leave a Comment

Will the middle class get relief from the first general budget of Modi 3.0?