
ਸੰਗਤ ਮੰਡੀ, 2 ਦਸੰਬਰ (ਚਰਨਜੀਤ ਮਛਾਣਾ )
ਸੰਗਤ ਥਾਣੇ ਦੇ ਨਵੇਂ ਐਸ.ਐਚ.ਓ. (ਥਾਣਾ ਮੁਖੀ) ਹਰਬੰਸ ਸਿੰਘ ਨੇ ਅੱਜ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਦੇ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਇਹ ਉਨ੍ਹਾਂ ਦੀ ਪਹਿਲੀ ਰਸਮੀ ਮੀਟਿੰਗ ਸੀ, ਜਿਸ ਦੌਰਾਨ ਉਨ੍ਹਾਂ ਨੇ ਇਲਾਕੇ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਲੈ ਕੇ ਕਈ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ ਅਤੇ ਪੁਲਿਸ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਦੱਸਿਆ।ਐਸ.ਐਚ.ਓ. ਹਰਬੰਸ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜ਼ੀਹ ਸਮਾਜ ਵਿੱਚ ਆਪਸੀ ਭਾਈਚਾਰਾ, ਅਮਨ ਅਤੇ ਸ਼ਾਂਤੀ ਨੂੰ ਹਰ ਕੀਮਤ ‘ਤੇ ਕਾਇਮ ਰੱਖਣਾ ਹੈ। ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਲਹਿਜੇ ਵਿੱਚ ਤਾੜਨਾ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਹੁਲੜਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੋ ਵੀ ਲੋਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨਗੇ, ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਪੁਲਿਸ ਉਨ੍ਹਾਂ ਵਿਰੁੱਧ ਬਿਨਾਂ ਕਿਸੇ ਦੇਰੀ ਦੇ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ।ਨਸ਼ਿਆਂ ਦੇ ਗੰਭੀਰ ਮੁੱਦੇ ‘ਤੇ ਬੋਲਦਿਆਂ ਥਾਣਾ ਮੁਖੀ ਨੇ ਸਾਫ਼ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਪਿੰਡਾਂ ਵਿੱਚ ਨਸ਼ਾ ਵੇਚਣ ਵਾਲੇ ਜਾਂ ਮੋੜਾਂ-ਚੌਕਾਂ ‘ਤੇ ਖੜ੍ਹ ਕੇ ਹੁਲੜਬਾਜ਼ੀ ਕਰਨ ਵਾਲੇ ਮੁੰਡੇ ਤੁਰੰਤ ਸੁਧਰ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਨੂੰ ਸਿੱਧਾ ਸਲਾਖਾਂ ਦੇ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਇੱਕ ਸੁਰੱਖਿਅਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।









