Home » ਰਾਜਨੀਤੀ » ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

News Portal Development Companies In India

-ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਕਰ ਰਿਹਾ ਹਾਂ, ਇਸੇ ਕਰਕੇ ਵਿਰੋਧੀਆਂ ਨੂੰ ਹੋ ਰਹੀ ਹੈ ਤਕਲੀਫ਼-


ਸੰਗਤ ਮੰਡੀ, 7 ਸਤੰਬਰ (ਚਰਨਜੀਤ ਮਛਾਣਾ)
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਕਰਵਾਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵਿਰੋਧੀ ਧਿਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਵਿਰੋਧੀ ਆਗੂ ਉਨ੍ਹਾਂ ਨੂੰ ਝੂਠਾ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਾਲਾਂ ਤੱਕ ਪੰਜਾਬ ਨੂੰ ਲੁੱਟ ਕੇ ਆਪਣੀਆਂ ਤਿਜੌਰੀਆਂ ਭਰਨ ਤੋਂ ਬਾਅਦ ਹੁਣ ਮੁੜ ਸੂਬੇ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਖਰਚ ਕਰ ਰਹੀ ਹੈ, ਜਿਸ ਕਾਰਨ ਵਿਰੋਧੀਆਂ ਨੂੰ ਤਕਲੀਫ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਤੋਂ ਪਹਿਲਾਂ ਰਹੇ ਮੁੱਖ ਮੰਤਰੀਆਂ ਵਾਂਗ ਆਲੀਸ਼ਾਨ ਜ਼ਿੰਦਗੀ ਜਿਊਣ ਦੀ ਬਜਾਏ ਲੋਕਾਂ ਦੇ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨ ਨੂੰ ਤਰਜੀਹ ਦੇ ਰਹੇ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਸਿਆਸੀ ਆਗੂ ਮੋਦੀ ਦੇ ਕੋਟੇ ਨਾਲ ਅਤੇ ਕੁਝ ਰਾਹੁਲ ਗਾਂਧੀ ਦੇ ਕੋਟੇ ਨਾਲ ਸਬੰਧਤ ਹਨ, ਜਦਕਿ ਉਹ ਇਕੱਲੇ ਲੋਕਾਂ ਦੇ ਕੋਟੇ ਤੋਂ ਹਨ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਇੱਕ ਮਾਸਟਰ ਦੇ ਪੁੱਤ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਸੀ ਅਤੇ 2027 ਵਿੱਚ ਵੀ ਲੋਕ ਮੁੜ ਮੌਕਾ ਦੇਣਗੇ।ਭਾਜਪਾ ਅਤੇ ਅਕਾਲੀ ਦਲ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਮੁੜ ਗਠਜੋੜ ਵੱਲ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰਵਾਉਣ ਦੀ ਸ਼ਰਤ ’ਤੇ ਭਾਜਪਾ ਨਾਲ ਹੱਥ ਮਿਲਾਉਣ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 750 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ ਅਤੇ ਭਾਜਪਾ ਨੂੰ ਇਸ ਲਈ ਕਦੇ ਮੁਆਫ਼ ਨਹੀਂ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਵੇਚਣ ਵਿੱਚ ਅਕਾਲੀ ਦਲ ਹਮੇਸ਼ਾ ਅੱਗੇ ਰਿਹਾ ਹੈ। ਉਨ੍ਹਾਂ ਅਕਾਲੀ ਦਲ ’ਤੇ ਪੰਜਾਬ ਨੂੰ ਲੁੱਟਣ, ਸੂਬੇ ਵਿੱਚ ਮਾਫੀਆ ਨੂੰ ਸ਼ਹਿ ਦੇਣ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਗਾਏ। ਸੁਖਬੀਰ ਸਿੰਘ ਬਾਦਲ ’ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਜ਼ਿੰਦਗੀ ਆਰਾਮ ਅਤੇ ਸੁਰੱਖਿਅਤ ਮਾਹੌਲ ਵਿੱਚ ਬਤੀਤ ਕੀਤੀ ਹੈ, ਇਸ ਲਈ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨਹੀਂ ਸਮਝ ਸਕਦੇ।ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਦੌਰਾਨ ਕਾਂਗਰਸ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਹੁਣ ਪੰਜਾਬੀਆਂ ਤੋਂ ਫਤਵਾ ਮੰਗਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਸੱਤਾ ਹਾਸਲ ਕਰਨ ਲਈ ਆਪਸ ਵਿੱਚ ਲੜ ਰਹੇ ਹਨ, ਜਦਕਿ ਆਮ ਆਦਮੀ ਪਾਰਟੀ ਦੀ ਲੜਾਈ ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਰੁਜ਼ਗਾਰ ਅਤੇ ਪੰਜਾਬੀਆਂ ਦੀ ਭਲਾਈ ਲਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਵਿਚ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਨੀਤੀਆਂ ਤਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਵੱਡੀਆਂ ਕੋਠੀਆਂ ਦੀਆਂ ਕੰਧਾਂ ਪਿੱਛੇ ਬੈਠ ਕੇ ਪੰਜਾਬ ’ਤੇ ਰਾਜ ਨਹੀਂ ਕੀਤਾ ਜਾ ਸਕਦਾ। ਲੋਕ ਅਜਿਹੀ ਸਰਕਾਰ ਦੇ ਹੱਕਦਾਰ ਹਨ ਜੋ ਉਨ੍ਹਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਨਾਲ ਮਿਲ ਕੇ ਕੰਮ ਕਰੇ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਟੈਕਸ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਜਨਤਕ ਸਹੂਲਤਾਂ ’ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਆਪ’ ਸਰਕਾਰ ਵੱਲੋਂ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਵਿੱਚ ਸੁਧਾਰ, ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਵਾਂ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਸਿੱਖਿਆ ਨੂੰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਦੱਸਦਿਆਂ ਕਿਹਾ ਕਿ ਮੁਫ਼ਤ ਸਹੂਲਤਾਂ ਜਾਂ ਰਿਆਇਤਾਂ ਗਰੀਬੀ ਅਤੇ ਸਮਾਜਿਕ ਸਮੱਸਿਆਵਾਂ ਨੂੰ ਪੱਕੇ ਤੌਰ ’ਤੇ ਖ਼ਤਮ ਨਹੀਂ ਕਰ ਸਕਦੀਆਂ, ਸਗੋਂ ਸਿੱਖਿਆ ਹੀ ਆਮ ਲੋਕਾਂ ਨੂੰ ਇਸ ਮਕੜਜਾਲ ਵਿੱਚੋਂ ਕੱਢ ਕੇ ਸਮਰੱਥ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਲਈ ਕੰਮ ਕਰ ਰਹੀ ਹੈ ਤਾਂ ਜੋ ਆਮ ਪਰਿਵਾਰਾਂ ਦੇ ਬੱਚੇ ਵੱਡੇ ਸੁਪਨੇ ਦੇਖ ਸਕਣ।
ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਖੇਤੀ ਰਕਬੇ ਦਾ 26 ਫੀਸਦੀ ਹਿੱਸਾ ਨਹਿਰੀ ਸਿੰਚਾਈ ਅਧੀਨ ਸੀ, ਜੋ ਹੁਣ ਵਧ ਕੇ 80 ਫੀਸਦੀ ਹੋ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਧੇਰੇ ਭਰੋਸੇਯੋਗ ਸਪਲਾਈ ਮਿਲ ਰਹੀ ਹੈ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟ ਰਹੀ ਹੈ।
ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਆਮ ਪਰਿਵਾਰਾਂ ਦੇ ਇਲਾਜ ਸਬੰਧੀ ਵਿੱਤੀ ਬੋਝ ਨੂੰ ਘਟਾਉਣ ਵੱਲ ਵੱਡਾ ਕਦਮ ਦੱਸਿਆ।ਉਨ੍ਹਾਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਬੰਧੀ ਕਿਹਾ ਕਿ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ ਦੀਆਂ 97 ਫੀਸਦੀ ਮਹਿਲਾਵਾਂ ਨੂੰ ਲਾਭ ਮਿਲੇਗਾ ਅਤੇ ਸਰਕਾਰ ਵੱਲੋਂ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਗਏ ਹਨ।
ਅੰਤ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਲਈ ਕੰਮ ਕਰਨ ਵਾਲੀਆਂ ਸਰਕਾਰਾਂ ਅਤੇ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਵਿਚਲਾ ਫ਼ਰਕ ਦੇਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਹੁਣ ਵਿਕਾਸ ਦੀ ਰਾਹ ’ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਮਜ਼ਬੂਤ, ਸਿਹਤਮੰਦ, ਪੜ੍ਹੇ-ਲਿਖੇ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਸੇਧਿਤ ਹੈ।

Leave a Comment

Will the middle class get relief from the first general budget of Modi 3.0?