Home » ਧਰਮ » ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸੰਗਤ ਮੰਡੀ ਤੋਂ ਸ਼ਰਧਾਲੂਆਂ ਦੀ ਬੱਸ ਮਥੁਰਾ-ਵ੍ਰਿੰਦਾਵਨ ਲਈ ਰਵਾਨਾ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸੰਗਤ ਮੰਡੀ ਤੋਂ ਸ਼ਰਧਾਲੂਆਂ ਦੀ ਬੱਸ ਮਥੁਰਾ-ਵ੍ਰਿੰਦਾਵਨ ਲਈ ਰਵਾਨਾ

News Portal Development Companies In India

ਸੰਗਤ ਮੰਡੀ, 10 ਸਤੰਬਰ (ਅਮਨ ਸਰਦਾਰਗੜ੍ਹ)
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਬਠਿੰਡਾ ਦਿਹਾਤੀ ਦੇ ਪ੍ਰਮੁੱਖ ਕਸਬੇ ਸੰਗਤ ਮੰਡੀ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਮਥੁਰਾ ਅਤੇ ਵ੍ਰਿੰਦਾਵਨ ਦੇ ਧਾਰਮਿਕ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਬੱਸ ਨੂੰ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਉਨ੍ਹਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਤੀਰਥ ਯਾਤਰਾ ਕਰਨ ਦੇ ਸੁਪਨੇ ਸਾਕਾਰ ਹੋ ਰਹੇ ਹਨ ਜੋ ਆਰਥਿਕ ਤੰਗੀ ਕਾਰਨ ਅਜਿਹੀਆਂ ਯਾਤਰਾਵਾਂ ਕਰਨ ਤੋਂ ਅਸਮਰੱਥ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਅਤੇ ਆਉਣ-ਜਾਣ ਦੇ ਪ੍ਰਬੰਧ ਸਰਕਾਰ ਵੱਲੋਂ ਮੁਫ਼ਤ ਕੀਤੇ ਗਏ ਹਨ।
ਬੱਸ ਨੂੰ ਰਵਾਨਾ ਕਰਨ ਸਮੇਂ ਸੰਗਠਨ ਇੰਚਾਰਜ ਦੀਪ ਸਿੰਘ ਡੂਮਵਾਲੀ, ਟਰੇਡ ਵਿੰਗ ਦੇ ਆਗੂ ਨਰੇਸ਼ ਕੁਮਾਰ, ਬਲਾਕ ਪ੍ਰਧਾਨ ਰਵੀ ਗੋਇਲ ਅਤੇ ਅਗਰਵਾਲ ਵਿੰਗ ਦੇ ਸੁਰਿੰਦਰ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੀਰਥ ਯਾਤਰਾ ਨੂੰ ਲੈ ਕੇ ਇਲਾਕੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਮਥੁਰਾ-ਵ੍ਰਿੰਦਾਵਨ ਦੀ ਯਾਤਰਾ ’ਤੇ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਬੱਸ ਦੀ ਰਵਾਨਗੀ ਮੌਕੇ ਲਗਾਏ ਗਏ ਧਾਰਮਿਕ ਜੈਕਾਰਿਆਂ ਨਾਲ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਹੋ ਗਿਆ।
ਇਸ ਮੌਕੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਸਥਾਨਕ ਆਗੂ, ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।

Leave a Comment

Will the middle class get relief from the first general budget of Modi 3.0?