
ਸੰਗਤ ਮੰਡੀ, 12 ਅਕਤੂਬਰ (ਅਮਨ ਸਰਦਾਰਗੜ੍ਹ )ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਚਿੱਟੇ ਰੰਗ ਦੀ ਸਿਆਜ਼ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6.22 ਗ੍ਰਾਮ ਹੈਰੋਇਨ ਅਤੇ 70 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਤਿੰਨਾਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਰਾਏ ਕੇ ਖੁਰਦ ਨੇੜੇ ਪਹੁੰਚੀ ਤਾਂ ਇੱਕ ਚਿੱਟੇ ਰੰਗ ਦੀ ਸਿਆਜ਼ ਕਾਰ ਵਿੱਚ ਤਿੰਨ ਨੌਜਵਾਨ ਸ਼ੱਕੀ ਹਾਲਤ ਵਿੱਚ ਬੈਠੇ ਦਿਖਾਈ ਦਿੱਤੇ।ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਕਾਰ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ। ਇਸ ਦੌਰਾਨ ਪੁਲਿਸ ਅਨੁਸਾਰ ਉਨ੍ਹਾਂ ਕੋਲੋਂ ਚਿੱਟਾ 6.22 ਗ੍ਰਾਮ ਹੈਰੋਇਨ ਅਤੇ 70,000 ਰੁਪਏ ਦੀ ਨਕਦੀ ਬਰਾਮਦ ਹੋਈ, ਜਿਸ ਨੂੰ ਪੁਲਿਸ ਨੇ ਡਰੱਗ ਮਨੀ ਦੱਸਿਆ ਹੈ।ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਮੁਨੀਸ਼ ਕੁਮਾਰ, ਲਵਪ੍ਰੀਤ ਸਿੰਘ ਬੱਬੂ ਅਤੇ ਗੁਰਮੇਜ ਸਿੰਘ, ਤਿੰਨੇ ਵਾਸੀ ਪਿੰਡ ਰਾਏ ਕੇ ਖੁਰਦ, ਵਜੋਂ ਹੋਈ ਹੈ। ਪੁਲਿਸ ਵੱਲੋਂ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ ਅਤੇ ਮਾਮਲੇ ਨਾਲ ਸਬੰਧਤ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।









