ਮਨਰੇਗਾ ਕਾਨੂੰਨ ਬਹਾਲ ਕਰਨ, 700 ਰੁਪਏ ਦਿਹਾੜੀ ਅਤੇ ਪੱਕੇ ਰੁਜ਼ਗਾਰ ਸਮੇਤ ਹੋਰ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ

ਸੰਗਤ ਮੰਡੀ, 19 ਅਕਤੂਬਰ ਅਮਨ ਸਰਦਾਰਗੜ੍ਹ- ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਜ਼ਿਲ੍ਹਾ ਆਗੂ ਕਾਮਰੇਡ ਮਿੱਠੂ ਸਿੰਘ ਘੁੱਦਾ ਉਮਰਦੀਨ ਜੱਸੀ ਦੀ ਅਗਵਾਈ ਹੇਠ ਬੀਡੀਪੀਓ ਦਫ਼ਤਰ ਸੰਗਤ ਅੱਗੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਖੇਤ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਬੀਡੀਪੀਓ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਭੇਜਿਆ। ਧਰਨਾਕਾਰੀਆਂ ਕੋਲ ਪਹੁੰਚੇ ਏਪੀਓ ਸੰਦੀਪ ਕੌਰ ਵੱਲੋਂ ਮੰਗ ਪੱਤਰ ਪ੍ਰਾਪਤ ਕੀਤਾ ਗਿਆ।ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂਆਂ ਨੇ ਕਿਹਾ ਕਿ ਜਥੇਬੰਦੀ ਸੂਬੇ ਦੇ ਬੇਜ਼ਮੀਨੇ ਅਤੇ ਸਾਧਨਹੀਣ ਪੇਂਡੂ ਕਿਰਤੀਆਂ ਦੇ ਮਸਲਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ, ਪਰ ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨ ਤਾਂ ਕੀਤੇ ਜਾਂਦੇ ਹਨ, ਪਰ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮਜ਼ਦੂਰ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਆਗੂਆਂ ਨੇ ਮੰਗ ਕੀਤੀ ਕਿ ਬੀਪੀ ਜੀ ਰਾਮ ਜੀ ਕਾਨੂੰਨ ਰੱਦ ਕਰ ਕੇ ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ ਅਤੇ ਪਰਿਵਾਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਰਾ ਸਾਲ 700 ਰੁਪਏ ਦਿਹਾੜੀ ਦੇ ਹਿਸਾਬ ਨਾਲ ਕੰਮ ਦੀ ਗਾਰੰਟੀ ਦਿੱਤੀ ਜਾਵੇ। ਮਨਰੇਗਾ ਦਾ ਘੇਰਾ ਵਧਾ ਕੇ ਸ਼ਹਿਰੀ ਮਜ਼ਦੂਰਾਂ ਨੂੰ ਵੀ ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਕੀਤੇ ਕੰਮਾਂ ਦੀਆਂ ਰੁਕੀਆਂ ਅਦਾਇਗੀਆਂ ਅਤੇ ਬਕਾਏ ਤੁਰੰਤ ਜਾਰੀ ਕੀਤੇ ਜਾਣ। ਪੇਂਡੂ ਅਤੇ ਖੇਤ ਮਜ਼ਦੂਰਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਕੰਮ ਨਾ ਮਿਲਣ ਦੀ ਸੂਰਤ ਵਿੱਚ ਘੱਟੋ-ਘੱਟ 5,000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ।ਉਨ੍ਹਾਂ ਮੰਗ ਕੀਤੀ ਕਿ ਹਰ ਬਾਲਗ ਕਿਰਤੀ ਨੂੰ ਕੌਮਾਂਤਰੀ ਕਿਰਤ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਉਜਰਤਾਂ ਦਿੱਤੀਆਂ ਜਾਣ। ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ਉੱਤੇ ਕਾਬਜ਼ ਮਜ਼ਦੂਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਪਹਿਲਾਂ ਕੱਟੇ ਗਏ ਪਲਾਟਾਂ ਦੀ ਮਾਲਕੀ ਸਬੰਧੀ ਕਾਰਵਾਈ ਤੁਰੰਤ ਪੂਰੀ ਕੀਤੀ ਜਾਵੇ ਅਤੇ ਪੰਚਾਇਤਾਂ ਵੱਲੋਂ ਪਲਾਟ ਦੇਣ ਸਬੰਧੀ ਪਾਸ ਕੀਤੇ ਮਤਿਆਂ ’ਤੇ ਫੌਰੀ ਅਮਲ ਕਰ ਕੇ ਲੋੜਵੰਦ ਮਜ਼ਦੂਰਾਂ ਨੂੰ ਪਲਾਟ ਦਿੱਤੇ ਜਾਣ।ਇਸ ਤੋਂ ਇਲਾਵਾ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਦਿਆਂ ਮਜ਼ਦੂਰਾਂ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਡਿਪੂਆਂ ਰਾਹੀਂ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ, ਰਾਸ਼ਨ ਵੰਡ ਵਿੱਚ ਪੇਂਡੂ ਧਨਾਢਾਂ ਦੀ ਦਖ਼ਲਅੰਦਾਜ਼ੀ ਬੰਦ ਕਰਨ ਅਤੇ ਕਾਰਪੋਰੇਟ ਘਰਾਣਿਆਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਦੀ ਮੰਗ ਵੀ ਕੀਤੀ ਗਈ।ਆਗੂਆਂ ਨੇ ਪਿੰਡਾਂ ਵਿੱਚ ਬੰਦ ਪਏ ਮਨਰੇਗਾ ਦੇ ਕੰਮ ਮੁੜ ਸ਼ੁਰੂ ਕਰਨ, ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਣ ਅਤੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾ ਕੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਉਮਰਦੀਨ ਜੱਸੀ,ਮਾਹਸਾ ਸਿੰਘ, ਬਲਵਿੰਦਰ ਸਿੰਘ ਜੰਗੀਰਾਣਾ, ਦਰਸ਼ਨ ਸਿੰਘ ਬਾਜਕ, ਮੂਰਤੀ ਕੌਰ, ਰਾਜਪਾਲ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ, ਜਸਪਾਲ ਕੌਰ, ਕਰਨੈਲ ਸਿੰਘ,ਪਾਲੀ ਸੰਗਤ, ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।









