ਮਾਨਸਾ ਵਿੱਚ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਤੇ ਕੀਤੀ ਕਾਰਵਾਈ ਨਿੰਦਣਯੋਗ ਘਟਨਾ – ਗੁਰਮੀਤ ਸਿੰਘ ਫੌਜੀ

ਤਲਵੰਡੀ ਸਾਬੋ, 28 ਅਕਤੂਬਰ (ਅੰਮ੍ਰਿਤ ਮਲਕਾਣਾ ) ਬੀਤੇ ਕੱਲ੍ਹ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜ ਰਹੇ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵੱਲੋਂ ਸ਼ਾਂਤਮਈ ਚੱਲ ਰਹੇ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਪਹੁੰਚ ਰਹੇ ਲੱਖਾਂ ਸਿੰਘ ਸਿਧਾਣਾ ਤੇ ਹੋਰ ਕਈ ਸਿੱਖ ਨੌਜਵਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਧੱਕੇ ਨਾਲ ਗ੍ਰਿਫਤਾਰ ਕੀਤਾ ਗਿਆ ਉਹ ਇੱਕ ਅਤੀ ਨਿੰਦਣਯੋਗ ਘਟਨਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇਸ ਪੱਤਰਕਾਰ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਤਲਵੰਡੀ ਸਾਬੋ ਤੋਂ ਸੀਨੀਅਰ ਆਗੂ ਭਾਈ ਗੁਰਮੀਤ ਸਿੰਘ ਫੌਜੀ ਨੇ ਕੀਤਾ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਸਥਾਨਕ ਆਗੂ ਮਾਸਟਰ ਕੁਲਦੀਪ ਸਿੰਘ ਗੋਸਲ ਅਤੇ ਭਾਈ ਪ੍ਰਦੀਪ ਸਿੰਘ ਸੋਨੀ ਨੂੰ ਪੁਲਿਸ ਵੱਲੋਂ ਉਨਾਂ ਦੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਜਿਸ ਦੀ ਅਸੀਂ ਸਾਰੀ ਜਥੇਬੰਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਇਸ ਆਜ਼ਾਦ ਲੋਕਤੰਤਰਿਕ ਦੇਸ਼ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ੳੱੁਪਰ ਪੰਜਾਬ ਪੁਲਿਸ ਵਲੋਂ ਕੁੱਟਮਾਰ ਤੇ ਗਾਲੀ-ਗਲੋਚ ਕਰਨਾ ਗਲਤ ਗੱਲ ਹੈ। ਉਹਨਾਂ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁਖਲਾਹਟ ਵਿੱਚ ਆ ਕੇ ਅਜਿਹੀਆਂ ਅਤੀ ਨਿੰਦਣਯੋਗ ਕਾਰਵਾਈਆਂ ਕਰਵਾ ਰਹੇ ਹਨ। ਉਹਨਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਹੋਇਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਅਤੇ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸਾਰੇ ਪੰਜਾਬ ਨਾਲ ਖੜ੍ਹਨਾ ਚਾਹੀਦਾ ਹੈ। ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀ ਫੜ੍ਹੋ-ਫੜ੍ਹੀ ਵੇਲੇ ਦਸਤਾਰਾਂ ਅਤੇ ਕਕਾਰਾਂ ਦੀ ਬੇਅਦਬੀ ਕੀਤੀ ਗਈ ਜਿਸ ਦਾ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਭਾਈ ਗੁਰਮੀਤ ਸਿੰਘ ਫੌਜੀ ਲੇਲੇਵਾਲਾ ਨੇ ਮਾਨਸਾ ਜ਼ਿਲ੍ਹੇ ਦੇ ਅੰਦਰ ਪਿੰਡ ਰਮਦਿੱਤੇ ਵਾਲਾ ਵਿਖੇ ਵੀ ਪੁਲਿਸ ਦੀ ਕੀਤੀ ਕਾਰਵਾਈ ਦੀ ਸਖ਼ਤ ਨਿੰਦਿਆ ਕੀਤੀ।









