
ਸੰਗਤ ਮੰਡੀ, 10 ਨਵੰਬਰ( ਅਮਨ ਸਰਦਾਰਗੜ੍ਹ)ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਭਰਤੀ ਦੀ ਉਡੀਕ ਕਰਦਿਆਂ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (55% ਤੋਂ ਪੀੜਤ) ਤੇ ਸੰਗਰੂਰ ਡੀਸੀ ਦਫ਼ਤਰ ਅੱਗੇ 320 ਦਿਨਾਂ ਤੋਂ ਪੱਕਾ ਮੋਰਚਾ ਲਾਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਾਂਝੇ ਰੂਪ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਸਥਿਤ ਦਫਤਰ ਸਾਹਮਣੇ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ। ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (55% ਤੋਂ ਪੀੜਤ) ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਕਾ ਤੇ ਸਾਂਝੇ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ ਉਲਟਾ ਮਾਸਟਰ ਕੇਡਰ ਭਰਤੀ ਲਈ ਕਾਂਗਰਸ ਵੱਲੋਂ ਰੱਦ ਕੀਤੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੜ ਲਾਗੂ ਕੀਤਾ ਹੈ।ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਦਰਜਨਾਂ ਵਾਰ ਜਨਤਕ ਐਲਾਨ ਕਰਨ ਦੇ ਬਾਵਜੂਦ ਉਮਰ ਹੱਦ ਛੋਟ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ।ਉਹਨਾਂ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਵਾਰ-ਵਾਰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਜਾ ਕੇ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਸ਼ਾਂਤਮਈ ਤਰੀਕੇ ਨਾਲ ਡੀਸੀ ਦਫਤਰ ਦੇ ਗੇਟ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਦੀ ਇੱਕ ਵੀ ਨਵੀ ਅਸਾਮੀ ਜਾਰੀ ਨਹੀਂ ਕੀਤੀ ਅਤੇ ਆਪਣੇ ਪ੍ਰਚਾਰ ਰਾਹੀਂ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆਉਣ ਦੇ ਦਮਗਜੇ ਮਾਰਦੀ ਆ ਰਹੀ ਹੈ। ਆਗੂਆਂ ਨੇ ਦੱਸਿਆ ਕਿ ਉਹ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀਆਂ ਘੱਟੋ ਘੱਟ 15 ਹਜ਼ਾਰ ਅਸਾਮੀਆਂ ਜਾਰੀ ਕਰਵਾਉਣ ,ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੱਢੋਂ ਰੱਦ ਕਰਵਾਉਣ, ਉਮਰ ਹੱਦ ਛੋਟ ਲੈਣ,ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼)ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਸਮੇਤ ਜਾਰੀ ਕਰਵਾਉਣ,ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਕਰੋਨਾ ਵਲੰਟੀਅਰਜ਼ ਨੂੰ ਬਿਨਾ ਸ਼ਰਤ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਰੈਗੂਲਰ ਭਰਤੀ ਕਰਵਾਉਣ ਲਈ ਇੱਕ ਮੋਰਚਾ 14 ਨਵੰਬਰ ਤੋਂ ਮੁੱਖ ਮੰਤਰੀ ਦੇ ਮੁੱਖ ਦਫਤਰ ਧੂਰੀ ਦੇ ਗੇਟ ਅੱਗੇ ਸ਼ੁਰੂ ਕਰਨਗੇ।ਉਹਨਾਂ ਸਮੂਹ ਬੇਰੁਜ਼ਗਾਰਾਂ ਨੂੰ 14 ਨਵੰਬਰ ਸਵੇਰੇ 11 ਵਜੇ ਧੂਰੀ ਪਹੁੰਚਣ ਦੀ ਅਪੀਲ ਕੀਤੀ।









