ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਪੱਧਰ ’ਤੇ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼ : ਡਾ. ਮੇਵਾ ਸਿੰਘ ਬਰਾੜ
ਡਾ. ਮਨਪ੍ਰੀਤ ਸਿੰਘ ਬੁਰਜ ਡੱਲਾ ਨੇ ਸਰਕਾਰ ਤੋਂ ਰਜਿਸਟ੍ਰੇਸ਼ਨ ਦਾ ਵਾਅਦਾ ਜਲਦ ਪੂਰਾ ਕਰਨ ਦੀ ਕੀਤੀ ਮੰਗ

ਸੰਗਤ ਮੰਡੀ, 10 ਨਵੰਬਰ (ਅਮਨ ਸਰਦਾਰਗੜ੍ਹ)ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ.) ਜ਼ਿਲ੍ਹਾ ਬਠਿੰਡਾ ਦੀ ਇੱਕ ਅਹਿਮ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਬਠਿੰਡਾ ਦੇ ਟੀਚਰ ਹੋਮ ਵਿਖੇ ਜ਼ਿਲ੍ਹਾ ਪ੍ਰਧਾਨ ਡਾਕਟਰ ਮੇਵਾ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੀ ਮਜ਼ਬੂਤੀ, ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ ਤਾਂ ਪੰਜਾਬ ਪੱਧਰ ’ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਮੀਟਿੰਗ ਦੀ ਸ਼ੁਰੂਆਤ ਮੌਕੇ ਸ਼ਹੀਦ ਭਾਈ ਪਰਮਿੰਦਰ ਸਿੰਘ ਛੋਟਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਮੂਹ ਹਾਜ਼ਰੀਨ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਵਾਈਸ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਘੁੱਦਾ ਨੇ ਸ਼ਿਰਕਤ ਕੀਤੀ ਜਦਕਿ ਸਟੇਜ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਮਨਪ੍ਰੀਤ ਸਿੰਘ ਬੁਰਜ ਡੱਲਾ ਵੱਲੋਂ ਬਾਖੂਬੀ ਨਿਭਾਈ ਗਈ।
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾਕਟਰ ਮੇਵਾ ਸਿੰਘ ਬਰਾੜ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਆ ਰਹੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਇਨ੍ਹਾਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ ਜਾਰੀ ਰੱਖਿਆ ਤਾਂ ਜਥੇਬੰਦੀ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਮਨਪ੍ਰੀਤ ਸਿੰਘ ਬੁਰਜ ਡੱਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਥੇਬੰਦੀ ਦੀ ਅਸਲ ਤਾਕਤ ਉਸ ਦੀ ਏਕਤਾ, ਅਨੁਸ਼ਾਸਨ ਅਤੇ ਮੈਂਬਰਾਂ ਦੇ ਆਪਸੀ ਸਹਿਯੋਗ ਵਿੱਚ ਹੈ। ਉਨ੍ਹਾਂ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰੈਕਟਿਸ ਦੌਰਾਨ ਸਾਫ਼-ਸੁਥਰੇ, ਜ਼ਿੰਮੇਵਾਰ ਅਤੇ ਨੈਤਿਕ ਢੰਗ ਅਪਣਾਉਣ ਅਤੇ ਮਰੀਜ਼ਾਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦੇਣ। ਉਨ੍ਹਾਂ ਕਿਹਾ ਕਿ ਹਰ ਮੈਂਬਰ ਨੂੰ ਜਥੇਬੰਦੀ ਦੇ ਨਿਯਮਾਂ ਅਤੇ ਮਰਿਆਦਾ ਅਨੁਸਾਰ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਮਾਣ-ਸਤਿਕਾਰ ਹੋਰ ਵਧ ਸਕੇ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟ੍ਰੇਸ਼ਨ ਸਬੰਧੀ ਪਹਿਲਾਂ ਦਿੱਤੇ ਗਏ ਭਰੋਸੇ ਅਤੇ ਕੀਤੇ ਵਾਅਦੇ ਨੂੰ ਜ਼ਲਦ ਅਮਲੀ ਰੂਪ ਦਿੱਤਾ ਜਾਵੇ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਿਰਆ ਨੂੰ ਪੂਰਾ ਕਰਕੇ ਇਸ ਵਰਗ ਨੂੰ ਬਣਦਾ ਹੱਕ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੰਬੇ ਸਮੇਂ ਤੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਆਪਣੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ।ਮੀਟਿੰਗ ਦੌਰਾਨ ਜਥੇਬੰਦੀ ਦੇ ਸਮੂਹ ਆਗੂਆਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਹੋਰ ਲੰਬੇ ਸਮੇਂ ਤੱਕ ਲਟਕਾਇਆ ਨਹੀਂ ਜਾ ਸਕਦਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਰਜਿਸਟ੍ਰੇਸ਼ਨ ਸਮੇਤ ਹੋਰ ਮੰਗਾਂ ਨੂੰ ਜ਼ਲਦ ਪ੍ਰਵਾਨ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ’ਤੇ ਵਿਸ਼ਾਲ ਅਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਸਰਪ੍ਰਸਤ ਡਾਕਟਰ ਬੂਟਾ ਸਿੰਘ ਸਿਵੀਆਂ, ਜ਼ਿਲ੍ਹਾ ਸਲਾਹਕਾਰ ਡਾਕਟਰ ਜਗਤਾਰ ਸਿੰਘ ਫੂਲ, ਜ਼ਿਲ੍ਹਾ ਮੀਤ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਲੱਕੀ, ਜ਼ਿਲ੍ਹਾ ਸਹਾਇਕ ਸਕੱਤਰ ਡਾਕਟਰ ਸੁਖਦਰਸ਼ਨ ਸਿੰਘ, ਜ਼ਿਲ੍ਹਾ ਕਾਰਜਕਾਰੀ ਮੈਂਬਰ ਡਾਕਟਰ ਹਰਦੀਪ ਸਿੰਘ ਕੋਟਲੀ, ਬਲਾਕ ਭੁੱਚੋ ਮੰਡੀ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ ਸੰਧੂ, ਬਲਾਕ ਬਠਿੰਡਾ-2 ਦੇ ਪ੍ਰਧਾਨ ਡਾਕਟਰ ਰੇਸ਼ਮ ਸਿੰਘ ਸੰਧੂ, ਬਲਾਕ ਸੰਗਤ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ, ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਘਈ ਅਤੇ ਬਲਾਕ ਨਥਾਣਾ ਦੇ ਪ੍ਰਧਾਨ ਡਾਕਟਰ ਹਰਜੀਤ ਸਿੰਘ ਪੂਹਲਾ ਸਮੇਤ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ।
ਮੀਟਿੰਗ ਦੇ ਅੰਤ ਵਿੱਚ ਸਮੂਹ ਆਗੂਆਂ ਨੇ ਜਥੇਬੰਦੀ ਦੀ ਏਕਤਾ ਅਤੇ ਮਜ਼ਬੂਤੀ ਨੂੰ ਕਾਇਮ ਰੱਖਣ, ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ।









